ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਹੋਏ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

499
Share

ਅੰਮ੍ਰਿਤਸਰ, 16 ਜੂਨ (ਪੰਜਾਬ ਮੇਲ)- ਵਿਦੇਸ਼ਾਂ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕਾ ਦੇ ਕੋਲੋਰਾਡੋ ’ਚ ਸਿੱਖ ਬਜ਼ੁਰਗ ਸ. ਲਖਵੰਤ ਸਿੰਘ ’ਤੇ ਇਕ ਗੋਰੇ ਵੱਲੋਂ ਕਾਰ ਚੜ੍ਹਾਅ ਕੇ ਉਸ ਵਿਰੁੱਧ ਨਫ਼ਰਤੀ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਕੋਰੋਨਾ ਦੌਰਾਨ ਲੋੜਵੰਦਾਂ ਦੀ ਸੇਵਾ ਕਰਕੇ ਸਿੱਖਾਂ ਦੀ ਪੂਰੀ ਦੁਨੀਆਂ ਅੰਦਰ ਪ੍ਰਸ਼ੰਸਾ ਹੋ ਰਹੀ ਹੈ, ਜਦਕਿ ਦੂਸਰੇ ਪਾਸੇ ਅਜਿਹੀਆਂ ਘਟਨਾਵਾਂ ਸਵਾਲ ਪੈਦਾ ਕਰ ਰਹੀਆਂ ਹਨ। ਉਨ੍ਹਾਂ ਆਖਿਆ ਕਿ ਭਾਵੇਂ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਕੇਸ ਦਰਜ਼ ਕਰ ਦਿੱਤਾ ਗਿਆ ਹੈ, ਪਰੰਤੂ ਸਵਾਲ ਇਹ ਹੈ ਕਿ ਅਜਿਹੇ ਨਫ਼ਰਤੀ ਹਮਲਿਆਂ ਨੂੰ ਵਿਦੇਸ਼ੀ ਸਰਕਾਰਾਂ ਵੱਲੋਂ ਰੋਕਿਆ ਕਿਉਂ ਨਹੀਂ ਜਾ ਰਿਹਾ। ਭਾਈ ਲੌਂਗੋਵਾਲ ਨੇ ਆਖਿਆ ਕਿ ਸਰਕਾਰਾਂ ਦੀ ਇਹ ਜ਼ੁੰਮੇਵਾਰੀ ਬਣਦੀ ਹੈ ਕਿ ਕਿਸੇ ਵੀ ਦੇਸ਼ ਅੰਦਰ ਵੱਸਣ ਵਾਲੇ ਆਪਣੇ ਨਾਗਰਿਕਾਂ ਦੀ ਹਿਫ਼ਾਜ਼ਤ ਕਰਨ, ਬੇਸ਼ੱਕ ਉਹ ਕਿਸੇ ਵੀ ਧਰਮ ਦੇ ਹੋਣ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਵਿਦੇਸ਼ਾਂ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਦਮ ਉਠਾਉਣ ਦੀ ਅਪੀਲ ਕੀਤੀ।

Share