ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 500 ਕੁਇੰਟਲ ਕਣਕ ਭੇਟ

580
ਸ੍ਰੀ ਦਰਬਾਰ ਸਾਹਿਬ ਲਈ ਗਾਖਲ ਭਰਾਵਾਂ ਵੱਲੋਂ ਭੇਜੀ ਕਣਕ ਲੈ ਕੇ ਪੁੱਜੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ।
Share

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ 500 ਕੁਇੰਟਲ ਕਣਕ ਭੇਟ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦੀ ਪਹਿਲਕਦਮੀ ਕੀਤੀ ਗਈ ਹੈ। ਇਸ ਦੇ ਚੱਲਦਿਆਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਲੰਗਰ ਲਈ ਲਗਾਤਾਰ ਰਸਦਾਂ ਤੇ ਮਾਇਆ ਭੇਜੀ ਜਾ ਰਹੀ ਹੈ। ਇਸੇ ਤਹਿਤ ਹੀ ਅਮਰੀਕਾ ਦੇ ਰਹਿਣ ਵਾਲੇ ਸ. ਅਮੋਲਕ ਸਿੰਘ ਗਾਖਲ, ਸ. ਪਲਵਿੰਦਰ ਸਿੰਘ ਗਾਖਲ ਤੇ ਸ. ਇਕਬਾਲ ਸਿੰਘ ਗਾਖਲ ਨੇ ਪੰਜ ਟਰੱਕਾਂ ਰਾਹੀਂ ਸ੍ਰੀ ਦਰਬਾਰ ਸਾਹਿਬ ਲਈ 500 ਕੁਇੰਟਲ ਕਣਕ ਭੇਜੀ ਹੈ। ਗਾਖਲ ਭਰਾਵਾਂ ਵੱਲੋਂ ਕਣਕ ਲੈ ਕੇ ਇਥੇ ਪਹੁੰਚੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ। ਭਾਈ ਲੌਂਗੋਵਾਲ ਨੇ ਗਾਖਲ ਪਰਿਵਾਰ ਦਾ ਧੰਨਵਾਦ ਕਰਦਿਆਂ ਦੇਸ਼ ਦੁਨੀਆ ਦੀਆਂ ਸੰਗਤਾਂ ਨੂੰ ਆਪਣੀ ਸਮਰੱਥਾ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਕਣਕ ਸਮੇਤ ਹੋਰ ਰਸਦਾਂ ਤੇ ਮਾਇਆ ਭੇਜਣ ਦੀ ਅਪੀਲ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਸਾਬਕਾ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ, ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ ਮੌਜੂਦ ਸਨ।

Share