ਅਮਰੀਕੀ ਸੰਸਦ ਮੈਂਬਰਾਂ ਨੇ ਕਿਸਾਨ ਮੁੱਦਾ ਭਾਰਤੀ ਵਿਦੇਸ਼ ਮੰਤਰੀ ਸਾਹਮਣੇ ਰੱਖਣ ਲਈ ਮਾਈਕ ਪੋਂਪੀਓ ਨੂੰ ਲਿਖੀ ਚਿੱਠੀ

115
Share

ਵਾਸ਼ਿੰਗਟਨ, 25 ਦਸੰਬਰ (ਪੰਜਾਬ ਮੇਲ)- ਸੱਤ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ, ਜਿਨ੍ਹਾਂ ਵਿਚ ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਸ਼ਾਮਲ ਹਨ, ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਭਾਰਤ ਵਿਚ ਕਿਸਾਨ ਅੰਦੋਲਨ ਦਾ ਮੁੱਦਾ ਆਪਣੇ ਭਾਰਤੀ ਹਮਰੁਤਬਾ ਨਾਲ ਚੁੱਕਣ। ਭਾਰਤ ਨੇ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਵਿਦੇਸ਼ੀ ਨੇਤਾਵਾਂ ਦੀਆਂ ਟਿੱਪਣੀਆਂ ਨੂੰ ‘‘ਗੁੰਮਰਾਹਕੁਨ ਜਾਣਕਾਰੀ ਆਧਾਰਿਤ’’ ਅਤੇ ‘‘ਬੇਲੋੜੀ’’ ਕਰਾਰ ਦਿੱਤਾ ਹੈ ਅਤੇ ਜ਼ੋਰ ਦਿੱਤਾ ਹੈ ਕਿ ਇਹ ਇੱਕ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਜੁੜਿਆ ਮੁੱਦਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਇਸ ਮਹੀਨੇ ਦੀ ਸ਼ੁਰੂਆਤ ਵਿਚ ਕਿਹਾ ਸੀ, ‘‘ਅਸੀਂ ਭਾਰਤ ਵਿਚ ਕਿਸਾਨਾਂ ਨਾਲ ਸਬੰਧਤ ਕੁਝ ਟਿੱਪਣੀਆਂ ਵੇਖੀਆਂ ਹਨ, ਜੋ ਗੁੰਮਰਾਹਕੁਨ ਜਾਣਕਾਰੀ’ ’ਤੇ ਆਧਾਰਿਤ ਹਨ। ਅਜਿਹੀਆਂ ਟਿੱਪਣੀਆਂ ਬੇਲੜੀਆਂ ਹਨ, ਖ਼ਾਸਕਰ ਜਦੋਂ ਉਹ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੁੰਦੀਆਂ ਹਨ।’’ ਅਮਰੀਕੀ ਸੰਸਦ ਮੈਂਬਰਾਂ ਵੱਲੋਂ ਪੋਂਪੀਓ ਨੂੰ 23 ਦਸੰਬਰ ਦੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਪੰਜਾਬ ਦਾ ਮੁੱਦਾ ਅਮਰੀਕੀ ਸਿੱਖਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਤੇ ਇਹ ਦੂਜੇ ਭਾਰਤੀ ਰਾਜਾਂ ਦੇ ਭਾਰਤੀ ਪ੍ਰਵਾਸੀਆਂ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਵਿਚ ਕਿਹਾ ਗਿਆ ਹੈ, ‘‘ਭਾਰਤ ਦੇ ਬਹੁਤ ਸਾਰੇ ਲੋਕ ਇਸ ਤੋਂ ਸਿੱਧਾ ਪ੍ਰਭਾਵਿਤ ਹਨ ਕਿਉਂਕਿ ਉਨ੍ਹਾਂ ਦੀ ਪੰਜਾਬ ਵਿਚ ਪਰਿਵਾਰਕ ਅਤੇ ਜੱਦੀ ਜ਼ਮੀਨ ਹੈ ਅਤੇ ਉਹ ਭਾਰਤ ਵਿਚ ਆਪਣੇ ਪਰਿਵਾਰਾਂ ਦੀ ਭਲਾਈ ਬਾਰੇ ਚਿੰਤਤ ਹਨ। ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਵਿਦੇਸ਼ਾਂ ਵਿਚ ਰਾਜਨੀਤਿਕ ਪ੍ਰਗਟਾਵੇ ਦੀ ਆਜ਼ਾਦੀ ਪ੍ਰਤੀ ਅਮਰੀਕਾ ਦੀ ਵਚਨਬੱਧਤਾ ਨੂੰ ਬਰਕਰਾਰ ਰੱਖਣ ਲਈ ਤੁਸੀਂ ਆਪਣੇ ਭਾਰਤੀ ਹਮਰੁਤਬਾ ਨਾਲ ਗੱਲ ਕਰੋ।’’

Share