ਆਪਣੇ ਪੁੱਤਰ ਨੂੰ ਈਡੀ ਦੇ ਕੇਸਾਂ ਤੋਂ ਬਚਾਉਣ ਲਈ ਕੈਪਟਨ ਨੇ ਪੰਜਾਬ ਦੇ ਵਪਾਰੀ ਅਤੇ ਆੜ੍ਹਤੀ ਦੇ ਪੁੱਤਰਾਂ ਨੂੰ ਮੁਸੀਬਤ ਵਿੱਚ ਧੱਕਿਆ: ‘ਆਪ’

85
Share

..ਕੈਪਟਨ ਨੇ ਆਪਣੀਆਂ ਕਮਜ਼ੋਰੀਆਂ ਕਾਰਨ ਪੰਜਾਬ ਨੂੰ ਮੋਦੀ-ਸਾਹ ਨੂੰ ਵੇਚਿਆ-ਭਗਵੰਤ ਮਾਨ
.. ਮੋਦੀ ਨਾਲ ਮਿਲ ਕੇ ਕਿਸਾਨਾਂ ਦੀ ਲਹਿਰ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ ਕੈਪਟਨ

ਚੰਡੀਗੜ੍ਹ, 21 ਦਸੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਬੁਲੰਦ ਨਹੀਂ ਕੀਤੀ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿਚ ਭਗਵੰਤ ਮਾਨ ਅਤੇ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਲਈ ਦਿੱਲੀ ਬਾਰਡਰ ‘ਤੇ ਪਹੁੰਚੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਮਰਥਨ ਕਰਨ ਦੀ ਬਜਾਏ ਆਪਣੇ ਪੁੱਤਰ ਦੇ ਈਡੀ ਕੇਸਾਂ ਬਾਰੇ ਕੇਂਦਰ ਸਰਕਾਰ ਨਾਲ ਗੁਪਤ ਸਮਝੌਤਾ ਕਰ ਲਿਆ। ਚੱਢਾ ਨੇ ਪੁੱਛਿਆ, “ਕੈਪਟਨ ਅਤੇ ਅਮਿਤ ਸਾਹ ਵਿਚਕਾਰ ਗੁਪਤ ਮੁਲਾਕਾਤ ਕਿਉਂ ਕੀਤੀ ਗਈ? ਮੀਟਿੰਗ ਵਿਚ ਕੀ ਹੋਇਆ ਸੀ?” ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਕੈਪਟਨ ਨੇ ਆਪਣੇ ਪੁੱਤਰ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਤੋਂ ਬਚਾਉਣ ਲਈ ਮੋਦੀ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਹੋਏ ਗੁਪਤ ਸਮਝੌਤੇ ਦੇ ਤਹਿਤ ਕੈਪਟਨ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਪੰਜਾਬ ਦੇ ਵਪਾਰੀਆਂ-ਆੜ੍ਹਤੀਆਂ ਦੇ ਘਰਾਂ ਅਤੇ ਦਫ਼ਤਰਾਂ ‘ਤੇ ਇਨਕਮ ਟੈਕਸ ਦੇ ਛਾਪੇ ਮਰਵਾ ਕੇ ਬਿਨਾ ਵਜਾ ਪਰੇਸ਼ਾਨ ਕਰ ਰਹੀ ਹੈ, ਕਿਉਂਕਿ ਉਨ੍ਹਾਂ ਦਾ ਇੱਕੋ-ਇੱਕ ਕਸੂਰ ਹੈ ਕਿ ਉਹ ਕਿਸਾਨਾਂ ਦੀ ਲਹਿਰ ਦਾ ਸਮਰਥਨ ਕਰਦੇ ਹੋਏ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ।
“ਨਰਿੰਦਰ ਮੋਦੀ ਦਾ ਇਹ ਤਾਨਾਸ਼ਾਹੀ ਰਵੱਈਆ ਕੋਈ ਨਵਾਂ ਨਹੀਂ ਹੈ, ਪਰੰਤੂ ਉਨ੍ਹਾਂ ਆੜ੍ਹਤੀਆਂ ਦੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਇਨ੍ਹਾਂ ਨੂੰ ਬਚਾਉਣ ਦੀ ਥਾਂ ਇਸ ਮਾਮਲੇ ‘ਤੇ ਚੁੱਪੀ ਧਾਰੀ ਬੈਠੇ ਹਨ ਅਤੇ ਮੋਦੀ ਵਿਰੁੱਧ ਇੱਕ ਸ਼ਬਦ ਬੋਲਣ ਲਈ ਤਿਆਰ ਨਹੀਂ ਹਨ। ਉਨ੍ਹਾਂ ਪੁੱਛਿਆ ਕਿ ਆਪਣੇ ਪੁੱਤਰ ਨੂੰ ਬਚਾਉਣ ਲਈ ਦਿੱਲੀ ਡੇਰੇ ਲਗਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ‘ਪੰਜਾਬ ਦੇ ਪੁੱਤਰਾਂ’ ਨੂੰ ਬਚਾਉਣ ਲਈ ਕਿਉਂ ਅੱਗੇ ਨਹੀਂ ਆ ਰਹੇ।
ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਆਪਣੇ ‘ਮਹਿਲ’ ਵਿਚ ਆਰਾਮ ਕਰ ਰਹੇ ਹਨ, ਪਰੰਤੂ ਆੜ੍ਹਤੀਆਂ ਦੇ ਸਮਰਥਨ ਵਿਚ ਆਪਣੀ ਆਵਾਜ਼ ਨਹੀਂ ਉਠਾ ਰਹੇ।” ਉਨ੍ਹਾਂ ਕਿਹਾ ਕਿ ਕੈਪਟਨ ਨੇ ਉਨ੍ਹਾਂ ਆੜ੍ਹਤੀਆਂ ਨਾਲ ਧੋਖਾ ਕੀਤਾ ਹੈ, ਜਿਨ੍ਹਾਂ ਨੇ ਕੈਪਟਨ ਨੂੰ ਸੱਤਾ ਹਾਸਲ ਕਰਨ ਵਿਚ ਉਨ੍ਹਾਂ ਦੀ ਮਦਦ ਕੀਤੀ ਸੀ। ਕੈਪਟਨ ਨੇ ਆਪਣੀਆਂ ਕਮਜ਼ੋਰੀਆਂ ਕਰਕੇ ਪੰਜਾਬ ਨੂੰ ਵੇਚ ਦਿੱਤਾ ਹੈ ਅਤੇ ਨਰਿੰਦਰ ਮੋਦੀ ਦੇ ਇਸ਼ਾਰਿਆਂ ‘ਤੇ ਕਾਰਜ ਕਰਦੇ ਹੋਏ ਕਿਸਾਨ ਦੇ ਸੰਘਰਸ਼ ਨੂੰ ‘ਤਾਰਪੀਡੋ’ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।


Share