ਕਾਂਗਰਸ ਨੇ ਸਿੱਧੂ ਲਈ ਫਿਰ ਖੌਲੇ ਬੂਹੇ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਮੇਲ)-ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸਾਂਸਦ ਨਵਜੋਤ ਸਿੰਘ ਸਿੱਧੂ ਲਈ ਇੱਕ ਵਾਰ ਕਾਂਗਰਸ ‘ਚ ਆਉਣ ਲਈ ਬੂਹਾ ਖੋਲਿਆ ਹੈ। ਉਨ੍ਹਾਂ ਕਿਹਾ ਕੇ ਸਿੱਧੂ ਸਮੇਤ ਹਰ ਉਸ ਲੀਡਰ ਦਾ ਕਾਂਗਰਸ ਵਿੱਚ ਸਵਾਗਤ ਕੀਤਾ ਜਾਵੇਗਾ ਜੋ ਪਾਰਟੀ ਦੇ ਅਨੁਸ਼ਾਸ਼ਨ ‘ਚ ਰਹਿ ਕੇ ਬਿਨਾ ਕਿਸੇ ਸ਼ਰਤ ਦੇ ਅਕਾਲੀਆਂ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਕਰਨਾ ਚਾਹੁੰਦੇ ਹਨ। ਕੈਪਟਨ ਨੇ ਬਾਕੀ ਰਾਜਸੀ ਪਾਰਟੀਆਂ ਨੂੰ ਵੀ ਅਕਾਲੀਆਂ ਖਿਲਾਫ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਦਿਆਂ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਨੂੰ ਧੋਖੇਬਾਜ਼ਾਂ ਦੀ ਪਾਰਟੀ ਦਾ ਖਿਤਾਬ ਦਿੰਦਿਆਂ ਕਿਹਾ ਕਿ ਇਸ ਪਾਰਟੀ ਵੱਲੋਂ ਟਿਕਟਾਂ ਵੇਚਣ ਅਤੇ ਪੰਜਾਬ ਦੀਆਂ ਔਰਤਾਂ ਦੇ ਸ਼ਾਰੀਰਿਕ ਸ਼ੋਸ਼ਣ ਦੇ ਮਾਮਲਿਆਂ ਤੋਂ ਬਾਅਦ ਇਹਨਾਂ ਦੀ ਪੋਲ ਖੁੱਲ ਚੁੱਕੀ ਹੈ। ਕੈਪਟਨ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸਿਧਾਂਤਾਂ ਮੁਤਾਬਿਕ ਪਾਰਟੀ ‘ਚ ਆਉਣਾ ਚਾਹੁਣ ਤਾਂ ਉਨ੍ਹਾਂ ਨੂੰ ਕੋਈ ਗਿਲਾ ਨਹੀਂ ਹੈ। ਪਰ ਸਿੱਧੂ ਨੂੰ ਪਾਰਟੀ ਵਿੱਚ ਬਿਨਾ ਕਿਸੇ ਸ਼ਰਤ ਦੇ ਆਉਣਾ ਪਵੇਗਾ। ਜਗਮੀਤ ਬਰਾੜ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ‘ਚ ਕਿਸੇ ਵੀ ਅਜਿਹੇ ਲੀਡਰ ਨੂੰ ਪਾਰਟੀ ਵਿੱਚ ਨਹੀਂ ਰਹਿਣ ਦਿੱਤਾ ਜਾਂਦਾ ਜੋ ਪਾਰਟੀ ਦੇ ਖਿਲਾਫ ਜਾ ਕੇ ਬੋਲੇ। ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਦੇ ਐਲਾਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ 600 ਉਮੀਦਵਾਰਾਂ ਦੀ ਸੂਚੀ ਕਾਂਗਰਸ ਹਾਈਕਮਾਨ ਨੂੰ ਭੇਜ ਦਿੱਤੀ ਗਈ ਹੈ ਅਤੇ ਹੁਣ ਪਾਰਟੀ ਹਾਈ ਕਮਾਨ ਦੇ ਫੈਸਲੇ ਦੀ ਉਡੀਕ ਹੈ ਕਿ ਕਿਹੜੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ।
ਕੈਪਟਨ ਅੱਜ ਮਾਝੇ ਦੇ ਸਰਹੱਦੀ ਖੇਤਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਪਹੁੰਚੇ ਸਨ। ਉਹਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਰਕਾਰ ਬਣਨ ‘ਤੇ ਕਿਸਾਨਾਂ ਲਈ ਵਿਸ਼ੇਸ਼ ਨੀਤੀ ਤਿਆਰ ਕੀਤੀ ਜਾਵੇਗੀ। ਜਿਸ ਤਹਿਤ ਕਿਸੇ ਵੀ ਕਿਸਾਨ ਨੂੰ ਕਰਜ਼ਾਈ ਨਹੀਂ ਹੋਣ ਦਿੱਤਾ ਜਾਵੇਗਾ। ਇਸ ਨਾਲ ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ ਲਗਾਮ ਲਗਾਈ ਜਾ ਸਕੇਗੀ।
There are no comments at the moment, do you want to add one?
Write a comment