ਕਿਸਾਨਾਂ ਦੇ ਹੱਕ ’ਚ ਅੰਨਾ ਹਜ਼ਾਰੇ ਵਲੋਂ ਕੇਂਦਰ ਸਰਕਾਰ ਨੂੰ ਭੁੱਖ ਹੜਤਾਲ ਕਰਨ ਦੀ ਧਮਕੀ

79
Share

ਨਵੀਂ ਦਿੱਲੀ, 28 ਦਸੰਬਰ (ਪੰਜਾਬ ਮੇਲ)- ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਸਾਨਾਂ ਦੇ ਹੱਕ ’ਚ ਭੁੱਖ ਹੜਤਾਲ ਕਰਨ ਦੀ ਧਮਕੀ ਦੇ ਦਿੱਤੀ ਹੈ। ਖੇਤੀ ਕਾਨੂੰਨ ਵਿਰੁੱਧ ਕਿਸਾਨਾਂ ਦਾ ਪੱਖ ਪੂਰਦਿਆਂ ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਅਗਲੇ ਸਾਲ ਜਨਵਰੀ ਦੇ ਅਖੀਰ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ, ਤਾਂ ਉਹ ਭੁੱਖ ਹੜਤਾਲ ’ਤੇ ਬੈਠਣਗੇ ਅਤੇ ਇਹ ਉਸ ਦਾ ਆਖਰੀ ਸੰਘਰਸ਼ ਹੋਵੇਗਾ।
ਰਿਪੋਰਟਾਂ ਮੁਤਾਬਕ ਐਤਵਾਰ ਨੂੰ ਆਪਣੇ ਪਿੰਡ ਰਾਲੇਗਾਓਂ ਸਿਧਿ (ਮਹਾਰਾਸ਼ਟਰ) ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਨਾ ਹਜ਼ਾਰੇ ਨੇ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਅੰਨਦਾਤਾ ਦੀਆਂ ਮੰਗਾਂ ਦੇ ਹੱਕ ਵਿਚ ਸੰਘਰਸ਼ ਕਰ ਰਿਹਾ ਹੈ ਪਰ ਸਰਕਾਰ ਕੁਝ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਸਰਕਾਰ ਖਾਲੀ ਭਰੋਸਾ ਹੀ ਦੇ ਰਹੀ ਹੈ, ਜਿਸ ਦੀਆਂ ਗੱਲਾਂ ਦਾ ਕੋਈ ਭਰੋਸਾ ਨਹੀਂ ਹੈ। ਹੁਣ ਦੇਖਦੇ ਕੇਂਦਰ ਉਨ੍ਹਾਂ ਦੀਆਂ ਮੰਗਾਂ ਵੱਲ ਕਿੰਨਾ ਕੁ ਧਿਆਨ ਦਿੰਦੀ ਹੈ। ਅੰਨਾ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਜਨਵਰੀ ਦੇ ਅਖੀਰ ਤੱਕ ਦੇ ਦਿੱਤਾ ਹੈ। 83 ਸਾਲ ਦੇ ਬਜ਼ੁਰਗ ਨੇ ਦੱਸਿਆ ਕਿ ਉਹ ਭੁੱਖ ਹੜਤਾਲ ਕਰੇਗਾ ਅਤੇ ਇਹ ਉਸਦਾ ਆਖਰੀ ਕਦਮ ਹੋਵੇਗਾ।
ਗੌਰਤਲਬ ਹੈ ਕਿ ਅੰਨਾ ਹਜ਼ਾਰੇ ਨੇ 14 ਦਸੰਬਰ ਨੂੰ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਇਕ ਪੱਤਰ ਲਿਖ ਕੇ ਉਸ ਵਿਚ ਚਿਤਾਵਨੀ ਦਿੱਤੀ ਸੀ ਕਿ ਜੇ ਉਸ ਦੀਆਂ ਮੰਗਾਂ ਜਿਵੇਂ ਸਵਾਮੀਨਾਥਨ ਰਿਪੋਰਟ ਲਾਗੂ ਕਰਨਾ ਅਤੇ ਕਮਿਸ਼ਨ ਫਾਰ ਐਗਰੀਕਲਚਰ ਕੋਸਟ ਐਂਡ ਪ੍ਰਾਇਸ ਨਾ ਮੰਨੀਆਂ ਗਈਆਂ, ਤਾਂ ਉਹ ਭੁੱਖ ਹੜਤਾਲ ਕਰਨਗੇ।

Share