ਕਿਸਾਨਾਂ ਦੇ ਹੱਕ ’ਚ ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਨੂੰ ਦਿੱਤਾ ਝਟਕਾ

89
Share

-ਕੇਜਰੀਵਾਲ ਸਰਕਾਰ ਦੀ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ’ਚ ਤਬਦੀਲ ਕਰਨ ਤੋਂ ਕੋਰੀ ਨਾਂਹ
-ਕਿਸਾਨਾਂ ਦੀਆਂ ਮੰਗਾਂ ਜਾਇਜ਼, ਜੇਲ੍ਹਾਂ ‘’ਚ ਡੱਕਣਾ ਹੱਲ ਨਹੀਂ : ਸਤਿੰਦਰ ਜੈਨ
-‘ਆਪ’ ਸਰਕਾਰ ਵੱਲੋਂ ਮੋਦੀ ਸਰਕਾਰ ਨੂੰ ਦਿੱਤਾ ਗਿਆ ਝਟਕਾ ਸਵਾਗਤ ਯੋਗ : ਹਰਪਾਲ ਸਿੰਘ ਚੀਮਾ
ਨਵੀਂ ਦਿੱਲੀ/ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਦਿੱਲੀ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਨੇ ਕੇਂਦਰ ਸਰਕਾਰ ਦੀ ਮਾਰਫ਼ਤ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਮੰਗ ਨੂੰ ਲਿਖਤੀ ਰੂਪ ਵਿਚ ਠੁਕਰਾਉਂਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਕਿਸਾਨਾਂ ਨੂੰ ਗਿ੍ਰਫਤਾਰ ਕਰਕੇ ਜੇਲ੍ਹਾਂ ਵਿਚ ਡੱਕਣ ਦੇ ਵਿਰੁੱਧ ਹੈ, ਇਸ ਲਈ ਦਿੱਲੀ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਦਿੱਲੀ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ।
ਪਾਰਟੀ ਵੱਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਦਿੱਤੀ ਗਈ ਸੂਚਨਾ ਅਨੁਸਾਰ ਗ੍ਰਹਿ ਮੰਤਰੀ ਸਤਿੰਦਰ ਜੈਨ ਵੱਲੋਂ ਦਿੱਲੀ ਪੁਲਿਸ ਨੂੰ ਦਿੱਤੇ ਗਏ ਲਿਖਤੀ ਜਵਾਬ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਣਾ ਇਸ ਦਾ ਹੱਲ ਨਹੀਂ ਹੈ। ਇਨ੍ਹਾਂ ਦਾ ਅੰਦੋਲਨ ਬਿਲਕੁਲ ਸ਼ਾਂਤਮਈ (ਅਹਿੰਸਕ) ਹੈ। ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰਨਾ ਹਰ ਭਾਰਤੀ ਦਾ ਸੰਵਿਧਾਨਿਕ ਹੱਕ ਹੈ। ਇਸ ਲਈ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਨਹੀਂ ਕੀਤਾ ਜਾ ਸਕਦਾ। ਇਸ ਲਈ ਸਟੇਡੀਅਮਾਂ ਨੂੰ ਜੇਲ੍ਹ ਬਣਾਉਣ ਦੀ ਦਿੱਲੀ ਪੁਲਿਸ ਦੀ ਇਸ ਅਰਜ਼ੀ ਨੂੰ ਦਿੱਲੀ ਸਰਕਾਰ ਨਾ ਮਨਜ਼ੂਰ ਕਰਦੀ ਹੈ।
ਹਰਪਾਲ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਲੀ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਬਾਰੇ ਕੇਜਰੀਵਾਲ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਕਿਸਾਨਾਂ ਨਾਲ ਡਟ ਕੇ ਖੜੀ ਹੈ। ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹੀ ਦੇਸ਼ ਦੇ ਪਹਿਲੇ ਮੁੱਖ ਮੰਤਰੀ ਸਨ ਜਿਨ੍ਹਾਂ ਨੇ ਜੰਤਰ ਮੰਤਰ ਉੱਤੇ ਆਪ ਦੇ ਧਰਨੇ ਦੀ ਅਗਵਾਈ ਕਰਦੇ ਹੋਏ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕੀਤੀ ਸੀ ਅਤੇ ਇਹ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਸੀ। ਕੇਜਰੀਵਾਲ ਨੇ ਕਣਕ ਤੇ ਝੋਨੇ ਸਮੇਤ ਸਾਰੀਆਂ ਫ਼ਸਲਾਂ ਦੀ ਐਮ ਐਸ ਪੀ ਉੱਪਰ ਕਾਨੂੰਨੀ ਤੌਰ ’ਤੇ ਗਰੰਟੀ ਨਾਲ ਖ਼ਰੀਦ ਕਰਨ ਦੀ ਵਕਾਲਤ ਕੀਤੀ ਸੀ ਤਾਂ ਕਿ ਦੇਸ਼ ਭਰ ਦੇ ਅੰਨਦਾਤਾ ਦੇ ਹੱਕ ਸੁਰੱਖਿਅਤ ਰਹਿ ਸਕਣ।
ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਦਿੱਲੀ ਪੁਲਿਸ ਉੱਪਰ ਕੇਂਦਰ ਦੀ ਮੋਦੀ ਸਰਕਾਰ ਦਾ ਕੰਟਰੋਲ ਹੈ ਇਸ ਕਰਕੇ ਦਿੱਲੀ ਪੁਲਿਸ ਮੋਦੀ ਦੇ ਇਸ਼ਾਰੇ ਉੱਤੇ ਕਿਸਾਨਾਂ ਨੂੰ ਗਿ੍ਰਫਤਾਰ ਕਰਕੇ ਜੇਲ੍ਹਾਂ ਵਿਚ ਡੱਕਣਾ ਚਾਹੁੰਦੀ ਹੈ, ਪ੍ਰੰਤੂ ਕੇਜਰੀਵਾਲ ਸਰਕਾਰ ਵੱਲੋਂ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਦੀ ਇਜਾਜ਼ਤ ਨਾ ਦੇ ਕੇ ਮੋਦੀ ਸਰਕਾਰ ਨੂੰ ਦਿੱਤਾ ਗਿਆ ਝਟਕਾ ਸਵਾਗਤ ਯੋਗ ਹੈ।


Share