ਕਿਸਾਨੀ ਅੰਦੋਲਨ: ਟਿਕਰੀ ਬਾਰਡਰ ’ਤੇ ਕਿਸਾਨ ਦੀ ਠੰਢ ਲੱਗਣ ਕਾਰਨ ਮੌਤ

83
Share

ਮਾਨਸਾ, 29 ਦਸੰਬਰ (ਪੰਜਾਬ ਮੇਲ)- ਕਿਸਾਨੀ ਅੰਦੋਲਨ ਵਿੱਚ ਹਿੱਸਾ ਲੈਣ ਸਮੇਂ ਟਿਕਰੀ ਬਾਰਡਰ ’ਤੇ ਪਿੰਡ ਧਰਮਪੁਰਾ ਦੇ ਕਿਸਾਨ ਦੀ ਠੰਢ ਲੱਗਣ ਕਾਰਨ ਮੌਤ ਹੋ ਗਈ। ਪਿਆਰਾ ਸਿੰਘ (75) ਪੁੱਤਰ ਜੱਗਾ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੇ ਜੱਥੇ ਨਾਲ ਮਹੀਨੇ ਤੋਂ ਟਿਕਰੀ ਬਾਰਡਰ ’ਤੇ ਡਟਿਆ ਹੋਇਆ ਸੀ। ਇਸ ਦੌਰਾਨ ਠੰਢ ਵੱਧਣ ਕਾਰਨ ਉਹ ਨਮੂਨੀਏ ਦਾ ਸ਼ਿਕਾਰ ਹੋ ਗਿਆ, ਜਿੱਥੇ ਉਸ ਨੂੰ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਵਿਚ ਸੁਧਾਰ ਨਾ ਹੋਇਆ, ਜਿਸ ਕਾਰਨ ਪਿਛਲੇ ਦਿਨੀਂ ਪਰਿਵਾਰਕ ਮੈਂਬਰਾ ਨੇ ਉਸ ਨੂੰ ਪਿੰਡ ਲਿਆਂਦਾ ਗਿਆ, ਜਦੋਂ ਉਸ ਦੀ ਹਾਲਤ ਲਗਾਤਾਰ ਵਿਗੜਦੀ ਗਈ, ਤਾਂ ਉਸ ਨੂੰ ਸੰਗਰੂਰ ਦੇ ਪ੍ਰਾਈਵੇਟ ਹਸਪਤਾਲ ਸਿਵੀਆ ਵਿਖੇ ਦਾਖ਼ਲ ਕਰਵਾਇਆ ਗਿਆ ਪਰ ਅੱਜ ਸਵੇਰੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਸਰਕਾਰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਉਸ ਦਾ ਪਿੰਡ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

Share