ਕਿਸਾਨ ਅੰਦੋਲਨ: ਖੇਤੀ ਕਾਨੂੰਨਾਂ ਦੇ ਹੱਕ ’ਚ ਸੁਪਰੀਮ ਕੋਰਟ ਪਹੁੰਚੀ ਕਿਸਾਨ ਜਥੇਬੰਦੀ

57
Share

ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਕਿਸਾਨ ਅੰਦੋਲਨ ਸਬੰਧੀ ਸੁਪਰੀਮ ਕੋਰਟ ’ਚ 11 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਅੱਜ ਇੱਕ ਕਿਸਾਨ ਜਥੇਬੰਦੀ ਇਨ੍ਹਾਂ ਕਾਨੂੰਨਾਂ ਦੇ ਹੱਕ ’ਚ ਸੁਪਰੀਮ ਕੋਰਟ ਚਲੀ ਗਈ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਤੇ ਖੇਤੀਬਾੜੀ ਦਾ ਵਿਕਾਸ ਕਰਨ ਵਾਲੇ ਹਨ। ਕਨਸੋਰਟੀਅਮ ਆਫ ਇੰਡੀਅਨ ਫਾਰਮਰਜ਼ ਐਸੋਸੀਏਸ਼ਨਜ਼ (ਸੀ.ਆਈ.ਐੱਫ.ਏ.) ਨੇ ਆਪਣੀ ਪਟੀਸ਼ਨ ’ਚ ਸੁਪਰੀਮ ਕੋਰਟ ਤੋਂ ਅਪੀਲ ਕੀਤੀ ਹੈ ਕਿ ਇਸ ਮੁੱਦੇ ’ਤੇ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇ।
ਉੱਧਰ ਇੱਕ ਪਟੀਸ਼ਨਰ ਨੇ ਵਾਧੂ ਹਲਫ਼ਨਾਮਾ ਦਾਇਰ ਕਰਕੇ ਸੁਪਰੀਮ ਕੋਰਟ ਨੂੰ ਮੁਜ਼ਾਹਰਾਕਾਰੀਆਂ ਨੂੰ ਹਟਾਉਣ ਸਬੰਧੀ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਪਟੀਸ਼ਨਰ ਅਨੁਸਾਰ ਕਿਸਾਨਾਂ ਵੱਲੋਂ ਸੜਕਾਂ ਰੋਕੇ ਜਾਣ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਦਿੱਲੀ ਦੇ ਰਹਿਣ ਵਾਲੇ ਰਿਸ਼ਭ ਸ਼ਰਮਾ ਨਾਂ ਦੇ ਵਿਅਕਤੀ ਨੇ ਆਪਣੇ ਹਲਫ਼ਨਾਮੇ ’ਚ ਕਿਹਾ, ‘ਜੇਕਰ ਕਿਸਾਨ ਅੰਦੋਲਨ ਨੂੰ ਇਸੇ ਤਰ੍ਹਾਂ ਜਾਰੀ ਰਹਿਣ ਦੀ ਇਜਾਜ਼ਤ ਦਿੱਤੀ ਗਈ ਤਾਂ ਇਹ ਨਾ ਸਿਰਫ਼ ਸੁਪਰੀਮ ਕੋਰਟ ਵੱਲੋਂ ਸ਼ਾਹੀਨ ਬਾਗ ਮੋਰਚੇ ਬਾਰੇ ਸੁਣਾਏ ਗਏ ਫ਼ੈਸਲੇ ਦੀ ਉਲੰਘਣਾ ਹੋਵੇਗੀ, ਬਲਕਿ ਇਸ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਣਗੀਆਂ।’ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਕਿਤੇ ਵੀ ਆਜ਼ਾਦੀ ਨਾਲ ਜਾ ਸਕਣ ਦੇ ਸੰਵਿਧਾਨਕ ਅਧਿਕਾਰ ਦੀ ਉਲੰਘਣਾ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਾਇਰ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਹੇਠਲੇ ਬੈਂਚ ਵੱਲੋਂ 11 ਜਨਵਰੀ ਨੂੰ ਸੁਣਵਾਈ ਕੀਤੀ ਜਾ ਰਹੀ ਹੈ।

Share