ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ 5 ਨਵੰਬਰ ਨੂੰ ਦੇਸ਼ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ

92
Share

ਚੰਡੀਗੜ੍ਹ, 13 ਅਕਤੂਬਰ (ਪੰਜਾਬ ਮੇਲ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਨੂੰ ਦੇਸ਼ ਭਰ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਹੈ। ਰਾਜੇਵਾਲ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 5 ਨਵੰਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਕੁਝ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਕਈ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ, ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਸਾਰੇ ਮਤਭੇਦ ਭੁਲਾ ਕੇ ਇੱਕੋ ਪਲੇਟਫਾਰਮ ‘ਤੇ ਇਕੱਠਾ ਕੀਤਾ ਜਾਵੇਗਾ ਅਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਇਕ ਦੇ ਨਾਲ ਰਾਜੇਵਾਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ, ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਹੜੀ ਮਜ਼ਬੂਤੀ ਨਾਲ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ।


Share