ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਮੇਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਯਾਤਰੂ ਰੇਲ ਗੱਡੀਆਂ ਵਾਸਤੇ ਰਸਤਾ ਦੇਣ ਤੋਂ ਅੱਜ ਮੁੜ ਇਨਕਾਰ ਕਰ ਦਿੱਤਾ ਹੈ। ਇਹ ਖੁਲਾਸਾ ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਮਗਰੋਂ ਕੀਤਾ। ਜਥੇਬੰਦੀ ਵੱਲੋਂ ਇਥੇ ਜੰਡਿਆਲਾ ਵਿਖੇ ਰੇਲ ਪਟੜੀਆਂ ਨੇੜੇ ਲਗਭਗ ਦੋ ਮਹੀਨਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਸ਼੍ਰੀ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਸਿਰਫ ਮਾਲ ਗੱਡੀਆਂ ਨੂੰ ਰਸਤਾ ਦੇਣ ਦੇ ਫ਼ੈਸਲੇ ਨੂੰ ਸਹਿਮਤੀ ਦਿੱਤੀ ਹੈ। ਜੇਕਰ ਇਸ ਮਾਮਲੇ ਵਿਚ ਪੁਲਿਸ ਨੇ ਕੋਈ ਵਧੀਕੀ ਵੀ ਕੀਤੀ, ਤਾਂ ਵੀ ਉਨ੍ਹਾਂ ਦੀ ਜਥੇਬੰਦੀ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟੇਗੀ। ਇਸੇ ਦੌਰਾਨ ਰੇਲ ਗੱਡੀਆਂ ਦੀ ਆਮਦ ਨੂੰ ਦੇਖਦਿਆਂ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।