ਕੈਪਟਨ ਅਮਰਿੰਦਰ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਪ੍ਰਧਾਨ ਮੰਤਰੀ ਨੂੰ ਅਪੀਲ

321
Share

ਚੰਡੀਗੜ੍ਹ, 29 ਜੁਲਾਈ (ਪੰਜਾਬ ਮੇਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਕੋਵਿਡ ਦੀ ਸਥਿਤੀ ਵਿਚ ਹੁਣ ਕਾਫੀ ਸੁਧਾਰ ਹੋ ਗਿਆ ਹੈ, ਜਿਸ ਕਰਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ’ਚ ਕਿਹਾ ਕਿ ਪੰਜਾਬ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕੋਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ’ਚ ਖੁਸ਼ੀ ਹੋਵੇਗੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਉਮੀਦ ਜ਼ਾਹਿਰ ਕੀਤੀ। ਚੇਤੇ ਰਹੇ ਕਿ ਮੁੱਖ ਮੰਤਰੀ ਨੇ ਕੋਵਿਡ ਦੇ ਫੈਲਣ ਕਰਕੇ ਮਾਰਚ, 2020 ਵਿਚ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਦਲੇ ਹੋਏ ਹਾਲਾਤ ’ਚ ਸੁਭਾਵਿਕ ਹੈ ਕਿ ਲੋਕਾਂ ਨੇ ਕਰਤਾਰਪੁਰ ਸਾਹਿਬ ’ਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ, 2019 ’ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ।’’


Share