ਕੈਪਟਨ ਅਮਰਿੰਦਰ ਵੱਲੋਂ ਜਲਦ ਹੀ ਵੱਖਰੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ

322
Share

ਜਲੰਧਰ, 20 ਅਕਤੂਬਰ (ਪੰਜਾਬ ਮੇਲ)- ਪੰਜਾਬ ’ਚ ਚੱਲ ਰਿਹਾ ਸਿਆਸੀ ਦੰਗਲ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਕਾਂਗਰਸ ਤੋਂ ਵੱਖ ਹੋਣ ਦਾ ਰਸਮੀ ਐਲਾਨ ਵੀ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਤੋਂ ਹੀ ਕੈਪਟਨ ਕਾਂਗਰਸ ਤੋਂ ਵੱਖ ਹੋਣ ਦੀ ਗੱਲ ਕਰ ਰਹੇ ਸਨ ਪਰ ਮੰਗਲਵਾਰ ਨੂੰ ਉਨ੍ਹਾਂ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਨਵੀਂ ਪਾਰਟੀ ਦੇ ਐਲਾਨ ਬਾਰੇ ’ਚ ਦੱਸਿਆ। ਉਨ੍ਹਾਂ ਕੈਪਟਨ ਅਮਰਿੰਦਰ ਦੇ ਹਵਾਲੇ ਨਾਲ ਲਿਖਿਆ ,‘‘ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਮੈਂ ਜਲਦ ਹੀ ਆਪਣੀ ਰਾਜਨੀਤਿਕ ਪਾਰਟੀ ਦਾ ਐਲਾਨ ਕਰਾਂਗਾ, ਜੋ ਪੰਜਾਬ, ਉਸ ਦੇ ਲੋਕਾਂ ਤੇ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰੇਗੀ, ਜੋ ਇਕ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਆਪਣੀ ਹੋਂਦ ਲਈ ਸੰਘਰਸ਼ ਕਰ ਰਹੇ ਹਨ।’’
ਕੈਪਟਨ ਅਮਰਿੰਦਰ ਸਿੰਘ ਨੇ ਬੀ.ਜੇ.ਪੀ. ਨਾਲ ਗਠਜੋੜ ਵੱਲ ਇਸ਼ਾਰਾ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮੁੱਦਾ ਸੁਲਝਾ ਲਿਆ ਜਾਂਦਾ ਹੈ ਤਾਂ ਵਿਧਾਨ ਸਭਾ ਚੋਣਾਂ ’ਚ ਬੀ.ਜੇ.ਪੀ. ਨਾਲ ਗਠਜੋੜ ਹੋ ਸਕਦਾ ਹੈ। ਕੈਪਟਨ ਨੇ ਕਿਹਾ ਕਿ ਜੇਕਰ ਕਿਸਾਨਾਂ ਦੇ ਹਿੱਤ ’ਚ ਕਿਸਾਨ ਅੰਦੋਲਨ ਦਾ ਹੱਲ ਕੱਢਿਆ ਜਾਂਦਾ ਹੈ ਤਾਂ 2022 ’ਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਟਿੰਗ ਅਰੈਂਜਮੈਂਟ ਨੂੰ ਲੈ ਕੇ ਉਮੀਦ ਕੀਤੀ ਜੀ ਸਕਦੀ ਹੈ। ਕੈਪਟਨ ਨੇ ਅਕਾਲੀ ਦਲ ਤੋਂ ਅੱਡ ਹੋਏ ਢੀਂਡਸਾ ਤੇ ਬ੍ਰਹਮਪੁਰਾ ਧੜਿਆਂ ਨਾਲ ਗੱਠਜੋੜ ਕਰਨ ਦਾ ਵੀ ਸੰਕੇਤ ਦਿੱਤਾ ਹੈ। ਪੰਜਾਬ ਕਾਂਗਰਸ ਵਿਚ ਜਾਰੀ ਕਾਟੋ-ਕਲੇਸ਼ ਤੇ ਨਵਜੋਤ ਸਿੰਘ ਸਿੱਧੂ ਨਾਲ ਜਾਰੀ ਖਿੱਚੋਤਾਣ ਮਗਰੋਂ ਕੈਪਟਨ ਨੂੰ ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪੈ ਗਿਆ ਸੀ। ਪਾਰਟੀ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਥਾਂ ਪੰਜਾਬ ਦਾ ਨਵਾਂ ਮੁੱਖ ਮੰਤਰੀ ਥਾਪ ਦਿੱਤਾ ਸੀ। ਅਮਰਿੰਦਰ ਸਿੰਘ ਨੇ ਕਿਹਾ, ‘‘ਪੰਜਾਬ ਦੇ ਭਵਿੱਖ ਲਈ ਜੰਗ ਸ਼ੁਰੂ ਹੋ ਗਈ ਹੈ। ਪੰਜਾਬ ਤੇ ਇਥੋਂ ਦੇ ਲੋਕਾਂ ਤੇ ਖਾਸ ਕਰਕੇ ਸਾਡੇ ਕਿਸਾਨਾਂ, ਜੋ ਪਿਛਲੇ ਇਕ ਸਾਲ ਤੋਂ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਜਲਦੀ ਹੀ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਾਂਗਾ।’’ ਅਮਰਿੰਦਰ ਨੇ ਕਿਹਾ ਕਿ ‘ਉਹ ਆਪਣੇ ਲੋਕਾਂ ਤੇ ਆਪਣੇ ਸੂਬੇ’ ਦੇ ਭਵਿੱਖ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੱਕ ਟਿਕ ਕੇ ਨਹੀਂ ਬੈਠਣਗੇ।

ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ’ਤੇ ਵਿਰੋਧੀਆਂ ਵੱਲੋਂ ਤੰਜ ਕੱਸਣੇ ਸ਼ੁਰੂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਨਾਲ ਹੀ ਵਿਰੋਧੀਆਂ ਨੇ ਉਨ੍ਹਾਂ ’ਤੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ। ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਹ ਤਾਂ ਕਾਫ਼ੀ ਸਮੇਂ ਤੋਂ ਕਹਿ ਰਹੇ ਹਨ ਕਿ ਕੈਪਟਨ, ਬਾਦਲ ਅਤੇ ਭਾਜਪਾ ਦੇ ਨਾਲ ਮਿਲੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਏਜੰਡੇ ’ਤੇ ਹੀ ਕੰਮ ਕਰ ਰਹੇ ਸਨ। ਉੱਥੇ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ ਦੀ ਬੀ ਟੀਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਭਾਜਪਾ ਦੀ ਬੋਲੀ ਬੋਲ ਰਹੇ ਸਨ ਅਤੇ ਹੁਣ ਨਵੀਂ ਪਾਰਟੀ ਦਾ ਐਲਾਨ ਕਰ ਕੇ ਉਨ੍ਹਾਂ ਨੇ ਇਸ ਨੂੰ ਸਪੱਸ਼ਟ ਵੀ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦਾ ਐਲਾਨ ਹੁੰਦੇ ਹੀ ਪੰਜਾਬ ’ਚ ਉਨ੍ਹਾਂ ਦੀਆਂ ਸਿਆਸੀ ਰੈਲੀਆਂ ਨੂੰ ਲੈ ਕੇ ਵੀ ਸੁਗਬੁਗਾਹਟ ਸ਼ੁਰੂ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਕੈਪਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪਟਿਆਲਾ ’ਚ ਇਕ ਵੱਡੀ ਰੈਲੀ ਕਰਨ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ’ਤੇ ਅਜੇ ਤੱਕ ਕੋਈ ਜਨਤਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਕੈਪਟਨ ਦੇ ਐਲਾਨ ਤੋਂ ਬਾਅਦ ਨਵੀਂ ਪਾਰਟੀ ਦੇ ਨਾਮ ਨੂੰ ਲੈ ਕੇ ਵੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਸਿਆਸੀ ਗਲਿਆਰਿਆਂ ’ਚ ਕਈ ਤਰ੍ਹਾਂ ਦੇ ਨਾਵਾਂ ਦੀ ਚਰਚਾ ਹੈ। ਇਨ੍ਹਾਂ ’ਚ ਪੰਜਾਬ ਪੀਪੁਲਸ ਕਾਂਗਰਸ ਪਾਰਟੀ ਤੋਂ ਲੈ ਕੇ ਪੰਜਾਬ ਵਿਕਾਸ ਪਾਰਟੀ ਜਿਹੇ ਨਾਵਾਂ ਦਾ ਕਿਆਸ ਲਗਾਇਆ ਜਾ ਰਿਹਾ ਹੈ।
ਪੰਜਾਬ ਵਿਕਾਸ ਪਾਰਟੀ ਦੇ ਨਾਮ ਨੂੰ ਲੈ ਕੇ ਪਹਿਲਾਂ ਵੀ ਚਰਚਾ ਰਹੀ ਹੈ। ਉੱਥੇ ਹੀ ਪੀਪੁਲਸ ਪਾਰਟੀ ਵਾਲਾ ਨਾਮ ਪੀਪੁਲਸ ਪਾਰਟੀ ਆਫ਼ ਪੰਜਾਬ (ਪੀ.ਪੀ.ਪੀ.) ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਪੀਪੁਲਸ ਪਾਰਟੀ ਆਫ਼ ਪੰਜਾਬ (ਪੀ.ਪੀ.ਪੀ.) ਦਾ ਗਠਨ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਸੀ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਇਸ ਪਾਰਟੀ ਦੇ ਕਾਂਗਰਸ ’ਚ ਰਲੇਵੇਂ ਦਾ ਐਲਾਨ ਕਰ ਦਿੱਤਾ ਸੀ।


Share