ਕੈਪਟਨ ਅਮਰਿੰਦਰ ਸਿੰਘ ਨੇ ਸਰਪੰਚਾਂ ਨੂੰ ਕੋਵਿਡ ਬਾਰੇ ਕੂੜ ਪ੍ਰਚਾਰ ਦਾ ਜ਼ੋਰਦਾਰ ਤਰੀਕੇ ਨਾਲ ਟਾਕਰਾ ਕਰਨ ਦਾ ਸੱਦਾ ਦਿੱਤਾ

80
Share

ਝੋਨੇ ਦੀ ਵਾਢੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਮਹਾਂਮਾਰੀ ਦੇ ਮੁਕਾਬਲੇ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਆਖਿਆ
ਕੋਵਿਡ ਪਾਜ਼ੇਟਿਵ ਮਰੀਜ਼ਾਂ ਅਤੇ ਉਨਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸ਼ਨਾਖਤ ਲਈ ਹਰ ਕਦਮ ਚੁੱਕਣ ਲਈ ਕਿਹਾ
ਚੰਡੀਗੜ, 15 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਸਰਪੰਚਾਂ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਕੁਝ ਗੈਰ ਸਮਾਜੀ ਅਨਸਰਾਂ ਵੱਲੋਂ ਕੋਵਿਡ ਬਾਰੇ ਫੈਲਾਏ ਜਾ ਰਹੇ ਕੂੜ ਪ੍ਰਚਾਰ ਦਾ ਜ਼ੋਰਦਾਰ ਤਰੀਕੇ ਨਾਲ ਟਾਕਰਾ ਕੀਤਾ ਜਾਵੇ।
ਸਰਪੰਚਾਂ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਲੋਕਾਂ ਵਿੱਚ ਕੰਮ ਕਰਕੇ ਇਹ ਯਕੀਨੀ ਬਣਾਉਣ ਕਿ ਕੋਈ ਝੂਠੀਆਂ ਅਫਵਾਹਾਂ ਅਤੇ ਗੁੰਮਰਾਹਕੁਨ ਜਾਣਕਾਰੀ ਦਾ ਸ਼ਿਕਾਰ ਨਾ ਹੋਵੇ ਅਤੇ ਕੋਵਿਡ ਖਿਲਾਫ ਵਿੱਢੀ ਮੁਹਿੰਮ ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਰਕਾਰ ਦੇ ਹੱਥ ਮਜ਼ਬੂਤ ਕਰਨ। ਉਨਾਂ ਅੱਗੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ ਵੱਲੋਂ ਚੁੱਕੇ ਵੱਖ-ਵੱਖ ਕਦਮਾਂ ਨਾਲ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ ਪਰ ਸੂਬਾ ਕੋਈ ਵੀ ਜੋਖਮ ਨਹੀਂ ਉਠਾ ਸਕਦਾ ਹੈ। ਉਨਾਂ ਕਿਹਾ, ‘‘ਅਸੀਂ ਕੋਈ ਵੀ ਖਤਰਾ ਮੁੱਲ ਨਹੀਂ ਉਠਾ ਸਕਦੇ ਖਾਸ ਕਰਕੇ ਉਦੋਂ ਜਦੋਂ ਝੋਨੇ ਦੀ ਵਾਢੀ ਅਤੇ ਸਰਕਾਰ ਵੱਲੋਂ ਖਰੀਦ ਕਰਨ ਦਾ ਸੀਜ਼ਨ ਚੱਲ ਰਿਹਾ ਹੈ।’’
ਸਰਪੰਚਾਂ ਨੂੰ ਆਪੋ-ਆਪਣੇ ਪਿੰਡਾਂ ਦਾ ਮੁਖੀ ਹੋਣ ਦੇ ਨਾਤੇ ਨੈਤਿਕ ਜ਼ਿੰਮੇਵਾਰ ਯਾਦ ਕਰਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਹਤ ਦੀ ਸਥਿਤੀ ਉਤੇ ਸਖਤੀ ਨਾਲ ਨਿਗਰਾਨੀ ਰੱਖਣ ਅਤੇ ਕਿਸੇ ਨੂੰ ਲੱਛਣ ਪਾਏ ਜਾਣ ਦੀ ਸੂਰਤ ਵਿੱਚ ਟੈਸਟ ਕਰਵਾਉਣ ਲਈ ਉਤਸ਼ਾਹਤ ਕੀਤਾ ਜਾਵੇ। ਉਨਾਂ ਅੱਗੇ ਕਿਹਾ ਕਿ ਸਰਪੰਚਾਂ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਵਿਡ ਪਾਜ਼ੇਟਿਵ ਮਰੀਜ਼ ਅਤੇ ਉਨਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸ਼ਨਾਖਤ ਕਰਕੇ ਏਕਾਂਤਵਾਸ ਵਿੱਚ ਰੱਖਿਆ ਜਾਵੇ ਜਿਸ ਲਈ ਵਿਸਥਾਰ ਵਿੱਚ ਪ੍ਰਬੰਧ ਕੀਤੇ ਹੋਏ ਹਨ। ਉਨਾਂ ਇਸ ਗੱਲ ਉਤੇ ਵੀ ਧਿਆਨ ਦੇਣ ਲਈ ਕਿਹਾ ਹੈ ਕਿ ਅਜਿਹੇ ਵਿਅਕਤੀਆਂ ਨਾਲ ਕੋਈ ਵਿਤਕਰਾ ਵੀ ਨਾ ਕੀਤਾ ਜਾਵੇ।
ਮੁੱਖ ਮੰਤਰੀ ਨੇ ਸਰਪੰਚਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਲੋਕਾਂ ਨੂੰ ਸਮਾਜਿਕ ਵਿੱਥ, ਮਾਸਕ ਪਹਿਨਣਾ, ਜਨਤਕ ਇਕੱਠਾਂ ਤੋਂ ਦੂਰੀ ਬਣਾਉਣ ਅਤੇ ਸਾਰੇ ਸਿਹਤ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ।
ਮਹਾਂਮਾਰੀ ਰੋਕਣ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਵਿਸ਼ੇਸ਼ ਕਿੱਟਾਂ ਵੰਡ ਰਹੀ ਹੈ ਜਿਸ ਵਿੱਚ ਜ਼ਰੂਰੀ ਦਵਾਈਆਂ, ਥਰਮਾਮੀਟਰ, ਪਲਸ ਆਕਸੀਮੀਟਰ, ਸੈਨੀਟਾਈਜ਼ਰ ਤੇ ਹੋਰ ਲੋੜੀਂਦੀਆਂ ਵਸਤਾਂ ਸ਼ਾਮਲ ਹਨ। ਉਨਾਂ ਕਿਹਾ ਕਿ ਸਰਕਾਰ ਵੱਲੋਂ ਗਰੀਬ ਕੋਵਿਡ ਮਰੀਜ਼ਾਂ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਤੇ ਖਾਣੇ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਕੋਈ ਵੀ ਸਿਹਤ ਸਬੰਧੀ ਮਾਮਲੇ ਲਈ ਸਮਰਪਿਤ ਟੋਲ ਫਰੀ ਹੈਲਪਲਾਈਨ 104 ਸ਼ੁਰੂ ਕੀਤੀ ਗਈ ਹੈ।


Share