ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸੱਦੀ ਸਰਬ ਪਾਰਟੀ ਮੀਟਿੰਗ

244
Share

ਚੰਡੀਗੜ੍ਹ, 1 ਫਰਵਰੀ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ ਤਾਂ ਜੋ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਦਿੱਲੀ ਦੀਆਂ ਘਟਨਾਵਾਂ ਨੂੰ ਲੈ ਕੇ ਕਿਸਾਨ ਅੰਦੋਲਨ ਬਾਰੇ ਅਖ਼ਤਿਆਰ ਕੀਤੇ ਜਾਣ ਵਾਲੇ ਅਗਲੇ ਰਾਹ ਲਈ ਆਮ ਸਹਿਮਤੀ ਬਣਾਈ ਜਾ ਸਕੇ। ਇਸ ਦੌਰਾਨ ਭਲਕੇ ਪੰਜਾਬ ਕੈਬਨਿਟ ਦੀ ਸ਼ਾਮ 4 ਵਜੇ ਮੀਟਿੰਗ ਹੋਵੇਗੀ।

ਕੈਪਟਨ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਸਰਬ ਪਾਰਟੀ ਮੀਟਿੰਗ ਕੀਤੀ ਸੀ, ਪਰ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਆਹਮੋ-ਸਾਹਮਣੇ ਹੋਵੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਬ ਪਾਰਟੀ ਮੀਟਿੰਗ 2 ਫਰਵਰੀ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿੱਚ ਹੋਵੇਗੀ, ਜਿਸ ਵਿੱਚ ਮੌਜੂਦਾ ਕਿਸਾਨ ਅੰਦੋਲਨ ਤੋਂ ਪੈਦਾ ਹੋਣ ਵਾਲੇ ਘਟਨਾਕ੍ਰਮ ਖਾਸ ਕਰਕੇ ਗਣਤੰਤਰ ਦਿਵਸ ਮੌਕੇ ਵਾਪਰੀ ਹਿੰਸਾ, ਸਿੰਘੂ ਸਰਹੱਦ ਉਪਰ ਕਿਸਾਨਾਂ ਉਪਰ ਹਮਲਾ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਰਗੇ ਅਹਿਮ ਮਸਲਿਆਂ ਉੱਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਮੂਹ ਪਾਰਟੀਆਂ ਨੂੰ ਕਿਸਾਨਾਂ ਦੀ ਹਮਾਇਤ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਕਜੁੱਟ ਹੋ ਕੇ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ  ਕਿਹਾ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਇਆ ਸੰਕਟ ਸਮੁੱਚੇ ਸੂਬੇ ਅਤੇ ਇਸ ਦੇ ਲੋਕਾਂ ਲਈ ਫ਼ਿਕਰਮੰਦੀ ਵਾਲਾ ਹੈ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਦੇ ਸਾਂਝੇ ਯਤਨਾਂ ਅਤੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਦੇ ਏਕੇ ਨਾਲ ਹੀ ਇਸ ਸਮੱਸਿਆ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਦੇ ਨਾਲ-ਨਾਲ ਕਿਸਾਨ ਹਿਤਾਂ ਦੀ ਰਾਖੀ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਆਪਣੀਆਂ ਜਾਨਾਂ ਵਾਰ ਰਹੇ ਹਨ। ਪੁਲੀਸ ਵੱਲੋਂ ਉਨ੍ਹਾਂ ਦੀ ਕੁੱਟਮਾਰ ਅਤੇ ਗੁੰਡਿਆਂ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਇੰਟਰਨੈੱਟ ਜਿਹੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਰੱਖ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਆਪਣੀ ਹਊਮੈ ਪਾਲਣ ਦਾ ਨਹੀਂ, ਸਗੋਂ ਆਪਣੇ ਸੂਬੇ ਅਤੇ ਲੋਕਾਂ ਨੂੰ ਬਚਾਉਣ ਲਈ ਇਕਜੁੱਟ ਹੋਣ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ, ਲਿਹਾਜ਼ਾ ਇਹ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਸਾਰੀਆਂ ਪਾਰਟੀਆਂ ਇਕ ਮੰਚ ’ਤੇ ਆ ਕੇ ਇਸ ਮਸਲੇ ਉੱਤੇ ਸਾਂਝੀ ਰਣਨੀਤੀ ਉਲੀਕਣ। ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਇਸ ਸਮੱਸਿਆ ਦਾ ਹੱਲ ਲੱਭਣ ਲਈ ਆਪਣੇ ਵਖਰੇਵੇਂ ਲਾਂਭੇ ਰੱਖਣਗੀਆਂ ਕਿਉਂ ਜੋ ਇਹ ਮਸਲਾ ਹਰੇਕ ਪੰਜਾਬੀ ਨਾਲ ਵਾਸਤਾ ਰੱਖਦਾ ਹੈ।


Share