ਕੈਪਟਨ ਵੱਲੋਂ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੋਦੀ ਤੋਂ ਹਮਾਇਤ ਦੀ ਮੰਗ

ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਅਤੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਹਮਾਇਤ ਮੰਗੀ ਹੈ। ਪ੍ਰਧਾਨ ਮੰਤਰੀ ਨਾਲ ਇਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਕਟ ਦੇ ਹੱਲ ਲਈ ਕੇਂਦਰ ਪੰਜਾਬ ਦੀ ਬਾਂਹ ਫੜੇ। ਉਨ੍ਹਾਂ ਰਾਜ ਸਿਰ 31 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨੂੰ ਦਖ਼ਲ ਦੇਣ ਦੀ ਬੇਨਤੀ ਵੀ ਕੀਤੀ। ਕੈਪਟਨ ਨੇ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਕਰਕੇ ਅਗਲੇ 20 ਸਾਲਾਂ ਤੱਕ ਪ੍ਰਤੀ ਸਾਲ 3240 ਕਰੋੜ ਰੁਪਏ ਦੀ ਅਦਾਇਗੀ ਕਰਨੀ ਹੋਵੇਗੀ ਅਤੇ ਇਹ ਸੂਬੇ ਦੀਆਂ ਭਲਾਈ ਸਕੀਮਾਂ ਦੀ ਲਾਗਤ ‘ਤੇ ਕਰਨਾ ਪਵੇਗਾ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਮੁੱਚੇ ਮਾਮਲੇ ਉੱਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਡੀਐਫਪੀਡੀ ਨੇ ਰਾਜ ਸਰਕਾਰ ਨੂੰ ਇਸ ਮੁੱਦੇ ਦੇ ਹੱਲ ਦਾ ਭਰੋਸਾ ਦਿੱਤਾ ਸੀ, ਪਰ ਇਸ ਉੱਤੇ ਅਜੇ ਤੱਕ ਕੋਈ ਕੰਮ ਨਹੀਂ ਹੋਇਆ। ਉਨ੍ਹਾਂ ਬੇਅਦਬੀ ਅਤੇ ਆਰ.ਐੱਸ.ਐੱਸ. ਤੇ ਸ਼ਿਵ ਸੈਨਾ ਆਗੂਆਂ ਦੀਆਂ ਮਿੱਥ ਕੇ ਕੀਤੀਆਂ ਹੱਤਿਆਵਾਂ ਮਾਮਲੇ ਦੀ ਜਾਂਚ ਲਈ ਏਜੰਸੀ ਨੂੰ ਲੋੜੀਂਦੀਆਂ ਹਦਾਇਤਾਂ ਕੀਤੇ ਜਾਣ ਦੀ ਵੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਹੋਰ ਕਈ ਮਾਮਲੇ ਵੀ ਵਿਚਾਰੇ। ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਲਈ ਹਮਾਇਤ ਮੰਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ‘ਚ ਵਸੇ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਲਈ ‘ਆਪਣੀਆਂ ਜੜ੍ਹਾਂ ਨਾਲ ਜੁੜੋ’ (ਸੀ.ਵਾਈ.ਆਰ.) ਪ੍ਰੋਗਰਾਮ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਤੋਂ ਸਮਰਥਨ ਮੰਗਿਆ ਹੈ। ਕੈਪਟਨ ਨੇ ਕਿਹਾ ਕਿ ਇਸ ਪ੍ਰੋਗਰਾਮ ਹੇਠ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ‘ਚ ਵਸੇ ਨੌਜਵਾਨਾਂ ਨੂੰ ਉਨ੍ਹਾਂ ਥਾਵਾਂ ਦਾ ਦੌਰਾ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਬੰਧਤ ਹਨ। ਇਸ ਤਜਵੀਜ਼ਤ ਸਕੀਮ ‘ਚ 16 ਤੋਂ 22 ਸਾਲ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਸ਼ਾਮਲ ਕੀਤਾ ਜਾਵੇਗਾ।