ਕੈਪਟਨ ਵੱਲੋਂ ਬਹਿਬਲ ਕਲਾਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ

266
Share

ਐੱਸ.ਆਈ.ਟੀ. ਪਾਸੋਂ ਸਮਾਂਬੱਧ ਜਾਂਚ ਕਰਾਉਣ ਅਤੇ ਦੋਸ਼ੀਆਂ ਲਈ ਸਜ਼ਾ ਦਾ ਵਾਅਦਾ

ਚੰਡੀਗੜ੍ਹ, 26 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਇਸ ਕੇਸ ਦੀ ਜਾਂਚ ਨੂੰ ਕਾਨੂੰਨੀ ਸਿੱਟੇ ‘ਤੇ ਪਹੁੰਚਾਇਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਜ਼ਾ ਦਿਵਾਈ ਜਾਵੇਗੀ।
ਪੀੜਤ ਪਰਿਵਾਰਾਂ ਲਈ ਇਨਸਾਫ ਯਕੀਨੀ ਬਣਾਉਣ ਵਾਸਤੇ ਉਨ੍ਹਾਂ ਦੀ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੀ.ਬੀ.ਆਈ. ਪਾਸੋਂ ਜਾਂਚ ਵਾਪਸ ਲੈ ਕੇ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨਾਉਣੇ ਅਪਰਾਧ ਵਿਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ ਅਤੇ ਬੇਕਸੂਰ ਲੋਕਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਈ ਜਾਵੇਗੀ।
ਪਰਿਵਾਰਾਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਪ੍ਰਤੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਐੱਸ.ਆਈ.ਟੀ. ਦੀ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਛੇਤੀ ਹੀ ਬਹਿਬਲ ਕਲਾਂ ਵਿਖੇ ਜਾਣ ਦੀ ਸਹਿਮਤੀ ਪ੍ਰਗਟਾਈ। ਇਨ੍ਹਾਂ ਪਰਿਵਾਰਕ ਮੈਂਬਰਾਂ ਜਿਨ੍ਹਾਂ ‘ਚ ਸਰਾਵਾਂ ਪਿੰਡ ਦੇ ਸਵਰਗੀ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਸਵਰਗੀ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਸ਼ਾਮਲ ਸਨ, ਨੇ ਬਹਿਬਲ ਕਲਾਂ ‘ਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਨ ਦੀ ਮੰਗ ਕੀਤੀ। ਇਨ੍ਹਾਂ ਵਿਕਾਸ ਕਾਰਜਾਂ ਵਿਚ ਚਾਰਦੀਵਾਰੀ ਅਤੇ ਕਮਿਊਨਿਟੀ ਹਾਲ ਦੀ ਫਰਸ਼, ਪਿੰਡ ਸਰਾਵਾਂ ਤੋਂ ਮੱਤਾ ਤੱਕ ਤਿੰਨ ਕਿਲੋਮੀਟਰ ਕੱਚੇ ਰਾਹ ਨੂੰ ਪੱਕਾ ਕਰਨ ਤੋਂ ਇਲਾਵਾ ਸਥਾਨਕ ਦਾਣਾ ਮੰਡੀ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਬਕਾਇਆ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਦਾ ਵਾਅਦਾ ਕੀਤਾ।
ਮੀਟਿੰਗ ‘ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਵਿਜੇ ਇੰਦਰ ਸਿੰਗਲਾ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਪਰਮਿੰਦਰ ਸਿੰਘ ਪਿੰਕੀ ਵੀ ਹਾਜ਼ਰ ਸਨ।


Share