ਆਦਮਪੁਰ, 21 ਅਪ੍ਰੈਲ (ਪੰਜਾਬ ਮੇਲ)- ਆਦਮਪੁਰ ਬਲਾਕ ਅਧੀਨ ਪੈਂਦੇ ਪਿੰਡ ਡਰੌਲੀ ਕਲਾਂ ਦੇ ਜੰਮਪਲ ਸੰਦੀਪ (42) ਦੀ ਅਮਰੀਕਾ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਸੰਦੀਪ 17 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਨਿਊਯਾਰਕ ਦੇ ਹੋਟਲ ਡੇਜ਼ ਇਨ ਵਿਚ ਬਤੌਰ ਮੈਨੇਜਰ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਲਗਪਗ ਇਕ ਹਫ਼ਤਾ ਪਹਿਲਾਂ ਉਹ ਕਰੋਨਾ ਦੀ ਲਪੇਟ ਵਿਚ ਆ ਗਿਆ ਤੇ ਹਸਪਤਾਲ ’ਚ ਇਲਾਜ ਮਗਰੋਂ ਰਿਪੋਰਟ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ ਪਰ ਅਗਲੇ ਹੀ ਦਿਨ ਉਸ ਦੀ ਮੌਤ ਹੋ ਗਈ। ਫ਼ਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਮੁਤਾਬਕ ਸੰਦੀਪ ਸ਼ੂਗਰ ਦਾ ਮਰੀਜ਼ ਵੀ ਸੀ। ਉਸ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ।