ਕੌਮੀ ਸੁਰੱਖਿਆ ਦੇ ਹਿੱਤ ਵਿੱਚ ਆਈ.ਬੀ. ਦੇ ਕਹਿਣ ‘ਤੇ ਪੰਜਾਬ ਪੁਲੀਸ ਨੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ-ਕੈਪਟਨ ਅਮਰਿੰਦਰ ਸਿੰਘ

326
Share

ਸਰਹੱਦੀ ਸੂਬਾ ਹੋਣ ਦੇ ਨਾਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਨਾਲ ਮਿਲਵਰਤਨ ਕਰਨਾ ਪੰਜਾਬ ਦੀ ਜ਼ਿੰਮੇਵਾਰੀ-ਮੁੱਖ ਮੰਤਰੀ
ਚੰਡੀਗੜ੍ਹ, 28 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਪੁਲੀਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਹਿਣ ‘ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ।
ਪੁਲੀਸ ਦੀ ਕਾਰਵਾਈ ਦਾ ਸਪੱਸ਼ਟ ਤੌਰ ‘ਤੇ ਪੱਖ ਪੂਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਜੇਕਰ ਆਈ.ਬੀ. ਵੱਲੋਂ ਜ਼ਾਹਰ ਕੀਤੀਆਂ ਸੁਰੱਖਿਆ ਚਿੰਤਾਵਾਂ ਦੇ ਸੰਦਰਭ ਵਿੱਚ ਗੁਰਦਾਸਪੁਰ ਪੁਲੀਸ ਸਹਿਯੋਗ ਕਰਨ ਵਿੱਚ ਨਾਕਾਮ ਰਹਿੰਦੀ ਤਾਂ ਉਨ੍ਹਾਂ ਨੇ ਪੁਲੀਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਸੀ।
ਬਜਟ ਪੇਸ਼ ਕਰਨ ਤੋਂ ਪਹਿਲਾਂ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਠਾਏ ਮੁੱਦੇ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਸੂਬੇ ਦੀ ਪੁਲੀਸ ਫੋਰਸ ਹੋਣ ਦੇ ਨਾਤੇ ਪੰਜਾਬ ਪੁਲੀਸ ਨੇ ਮਾਮਲੇ ਵਿੱਚ ਉਚਿਤ ਹੱਦਾਂ ਵਿੱਚ ਰਹਿ ਕੇ ਕਾਰਵਾਈ ਕੀਤੀ। ਇਹ ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਵੀਰਵਾਰ ਨੂੰ ਸਦਨ ਵਿੱਚ ਰੌਲਾ-ਰੱਪਾ ਪਾਇਆ ਸੀ। ਵਿਰੋਧੀ ਧਿਰ ਨੇ ਬੀਤੇ ਦਿਨ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਜਵਾਬ ਦੀ ਮੰਗ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਕੌਮੀ ਸੁਰੱਖਿਆ ਦੇ ਵਡੇਰੇ ਹਿੱਤਾਂ ਵਿੱਚ ਜਦੋਂ ਵੀ ਜ਼ਰੂਰਤ ਪਈ, ਕੇਂਦਰੀ ਏਜੰਸੀਆਂ ਨਾਲ ਮਿਲਵਰਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਸਥਾਪਤ ਸੁਰੱਖਿਆ ਵਿਧੀ-ਵਿਧਾਨ ਮੁਤਾਬਕ ਜੇਕਰ ਪੁਲੀਸ ਫੋਰਸ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਪੁਲੀਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਤੱਕ 51000 ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਆਈ.ਬੀ. ਨੇ ਕੁਝ ਸ਼ੰਕੇ ਜ਼ਾਹਰ ਕੀਤੇ ਸਨ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਕੁਝ ਸ਼ਰਧਾਲੂਆਂ ਦੀ ਜਾਣ-ਪਛਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੀ ਮਦਦ ਮੰਗੀ ਸੀ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਹੋ ਕੇ ਕੰਮ ਕਰਨਾ ਸੂਬੇ ਦੀ ਜ਼ਿੰਮੇਵਾਰੀ ਬਣਦੀ ਹੈ।


Share