ਖਹਿਰਾ ਵੱਲੋਂ ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਦਿੱਲੀ ਵਿਖੇ ਕਿਸਾਨ ਧਰਨੇ ਦੀ ਡੱਟ ਕੇ ਹਮਾਇਤ ਕਰਨ ਦੀ ਅਪੀਲ

116
Share

ਭੁਲੱਥ, 29 ਨਵੰਬਰ (ਅਜੈ ਗੋਗਨਾ/ਪੰਜਾਬ ਮੇਲ)- ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਭੁਲੱਥ ਦੇ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੇ ਸਾਰੇ ਹੀ ਗੈਰ ਭਾਜਪਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ, ਜੋ ਕਿ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਸ਼ਿਕਾਰ ਬਣ ਰਹੇ ਹਨ। ਖਹਿਰਾ ਨੇ ਕਿਹਾ ਕਿ ਉਹ ਇਸ ਗੱਲ ਤੋਂ ਵਾਕਿਫ ਹਨ ਕਿ ਕਿਸਾਨ ਜਥੇਬੰਦੀਆਂ ਨੇ ਸਿਆਸੀ ਲੀਡਰਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਵਿਚ ਦਖਲਅੰਦਾਜ਼ੀ ਕਰਨ ਤੋਂ ਰੋਕਿਆ ਹੈ ਪਰੰਤੂ ਇਸ ਦਾ ਮਤਲਬ ਇਹ ਨਹੀਂ ਹੈ ਕਿ ਪੰਜਾਬ ਦੇ ਚੁਣੇ ਹੋਏ ਨੁਮਾਇੰਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਉਨ੍ਹਾਂ ਦੇ ਹੋ ਰਹੇ ਸ਼ੋਸ਼ਣ ਪ੍ਰਤੀ ਮੂਕ ਦਰਸ਼ਕ ਬਣਕੇ ਬੈਠੇ ਰਹਿਣ। ਖਹਿਰਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਹਰਿਆਣਾ ਅਤੇ ਕੇਂਦਰ ਦੀਆਂ ਦੋਨਾਂ ਭਾਜਪਾ ਸਰਕਾਰਾਂ ਨੇ ਦਿੱਲੀ ਵਿਚ ਪਹੁੰਚਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਉੱਪਰ ਅੱਥਰੂ ਗੈਸ, ਪਾਣੀ ਦੀਆਂ ਤੋਪਾਂ ਅਤੇ ਹਰ ਤਰੀਕੇ ਦੇ ਬੈਰੀਕੇਡ ਲਗਾ ਕੇ ਉਨ੍ਹਾਂ ਉੱਪਰ ਜ਼ਾਲਿਮਾਨਾ ਕਾਰਵਾਈ ਕੀਤੀ ਹੈ, ਇਹ ਉਨ੍ਹਾਂ ਦੀ ਪੰਜਾਬ ਦੇ ਕਿਸਾਨਾਂ ਖਿਲਾਫ ਨਫਰਤ ਅਤੇ ਗੈਰਸੰਵਿਧਾਨਕ ਵਤੀਰੇ ਦਾ ਖੁਲਾਸਾ ਕਰਦਾ ਹੈ। ਖਹਿਰਾ ਨੇ ਪੰਜਾਬ ਦੇ ਬਹਾਦੁਰ ਕਿਸਾਨਾਂ ਅਤੇ ਨੌਜਵਾਨਾਂ ਦੀ ਡੱਟ ਕੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣੀ ਮਜ਼ਬੂਤ ਇੱਛਾ ਸ਼ਕਤੀ ਸਦਕਾ ਹਰ ਰੁਕਾਵਟ ਦਾ ਸ਼ਾਂਤਮਈ ਤਰੀਕੇ ਨਾਲ ਮੁਕਾਬਲਾ ਕਰਕੇ ਦਿੱਲੀ ਤੱਕ ਪਹੁੰਚ ਕੀਤੀ। ਖਹਿਰਾ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਨਾਲ ਦੇਸ਼ ਦੇ ਦੁਸ਼ਮਣਾਂ ਵਾਲਾ ਵਤੀਰਾ ਕਰ ਰਹੀ ਹੈ, ਭਾਵੇਂ ਕਿ ਪੰਜਾਬੀਆਂ ਨੇ ਆਜ਼ਾਦੀ ਦੇ ਪਿਛਲੇ 73 ਸਾਲਾਂ ਦੌਰਾਨ ਦੇਸ਼ ਦੀ ਸਰਵਪੱਖੀ ਤਰੱਕੀ ਵਿਚ ਭਾਰੀ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਨਾ ਸਿਰਫ ਭਾਰਤ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਬਣਾਇਆ, ਬਲਕਿ ਦੇਸ਼ ਦੀਆਂ ਸਰਹੱਦਾਂ ਉੱਪਰ ਵੀ ਆਪਣੀਆਂ ਜਾਨਾਂ ਨੌਸ਼ਾਵਰ ਕੀਤੀਆਂ ਹਨ। ਖਹਿਰਾ ਨੇ ਕਿਹਾ ਕਿ ਬਦਕਿਸਮਤੀ ਨਾਲ ਬਹਾਦੁਰ ਕਿਸਾਨਾਂ ਨੂੰ ਸਨਮਾਨ ਦੇਣ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਕੋਲੋਂ ਬਦਲਾ ਲੈ ਰਹੀ ਹੈ ਅਤੇ ਉਨ੍ਹਾਂ ਉੱਪਰ ਤਸ਼ੱਦਦ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਇਸ ਲਈ ਸਮੇਂ ਦੀ ਮੰਗ ਹੈ ਕਿ ਵਿਧਾਇਕਾਂ, ਸੰਸਦ ਮੈਂਬਰਾਂ ਸਮੇਤ ਪੰਜਾਬ ਦੇ ਸਾਰੇ ਹੀ ਚੁਣੇ ਹੋਏ ਨੁਮਾਇੰਦੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਡੱਟ ਕੇ ਹਮਾਇਤ ਕਰਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਦਿੱਲੀ ਵਿਖੇ ਅਣਮਿੱਥੇ ਸਮੇਂ ਲਈ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਵਾਸਤੇ ਆਲ ਪਾਰਟੀ ਮੀਟਿੰਗ ਸੱਦਣ ਤਾਂ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮਨਜ਼ੂਰ ਕਰਨ ਵਾਸਤੇ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾ ਸਕੇ। ਖਹਿਰਾ ਨੇ ਕਿਹਾ ਕਿ ਇਹ ਪੰਜਾਬ ਦੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਾ ਸਿਰਫ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ, ਬਲਕਿ ਭਾਜਪਾ ਸਰਕਾਰ ਵੱਲੋਂ ਥੋਪੀ ਗਈ ਅਣਐਲਾਨੀ ਐਮਰਜੈਂਸੀ ਦਾ ਵੀ ਵਿਰੋਧ ਕਰਨ ਅਤੇ ਭਾਰਤ ਦੀ ਸੰਵਿਧਾਨ ਦੀ ਰਾਖੀ ਕਰਨ।


Share