ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਮਾਰਚ ਤਲਵੰਡੀ ਸਾਬੋ ਤੋਂ ਚੰਡੀਗੜ੍ਹ ਲਈ ਰਵਾਨਾ

51
Share

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕਰਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਾਰਚ ਸ਼ੁਰੂ ਕੀਤਾ। ਉਨ੍ਹਾਂ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਦੇ ਹੋ ਰਹੇ ਭਾਰੀ ਵਿਰੋਧ ਨੂੰ ਦੇਖਦਿਆਂ ਲੋਕ ਸਭਾ ਤੇ ਰਾਜ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਸੱਦਾ ਦਿੱਤਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਸਮੁੱਚੀਆਂ ਧਿਰਾਂ ਇਕਜੁੱਟ ਹੋਣ ਅਤੇ ਇਕੱਠੇ ਹੋ ਕੇ ਇਸ ਖਿਲਾਫ ਸੰਘਰਸ਼ ਕੀਤਾ ਜਾਵੇ। ਖੇਤੀ ਬਿਲਾਂ ’ਤੇ ਹਰਸਿਮਰਤ ਕੌਰ ਬਾਦਲ ਵੱਲੋਂ ਬਤੌਰ ਕੇਂਦਰੀ ਮੰਤਰੀ ਦਸਤਖ਼ਤ ਕੀਤੇ ਜਾਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਇਸ ਸਬੰਧੀ ਸਬੂਤ ਪੇਸ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਟਿੱਕਾ, ਤਲਬੀਰ ਸਿੰਘ ਗਿੱਲ ਤੇ ਹੋਰ ਆਗੂ ਹਾਜ਼ਰ ਸਨ। ਅਰਦਾਸ ਕਰਨ ਤੋਂ ਫੌਰੀ ਮਗਰੋਂ ਸੁਖਬੀਰ ਬਾਦਲ ਦੀ ਅਗਵਾਈ ’ਚ ਵਾਹਨਾਂ ਦਾ ਇਕ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋ ਗਿਆ।

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਮਾਰਚ ਤ਼ਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਰਦਾਸ ਕਰਨ ਉਪਰੰਤ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਬੀਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਸਰਕਾਰ ਵੱਲੋਂ ਲਿਆਂਦੇ ਨਵੇਂ ਕਿਸਾਨ ਮਾਰੂ ਬਿਲਾਂ ਨਾਲ ਕਿਸਾਨੀ ਦੇ ਨਾਲ ਨਾਲ ਸਮਾਜ ਦਾ ਹਰ ਵਰਗ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਬਿੱਲ ਧੱਕੇ ਨਾਲ ਪਾਸ ਕੀਤੇ ਹਨ, ਜਿਨ੍ਹਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਖ਼ਤ ਸਾਹਿਬਾਨ ਤੋਂ ਅਰਦਾਸ ਕਰਕੇ ਸੰਘਰਸ਼ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਘਰਸ਼, ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਜਗਮੀਤ ਸਿੰਘ ਬਰਾੜ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਕੌਮੀ ਯੂਥ ਆਗੂ ਸੁਖਮਨ ਸਿੰਘ ਸਿੱਧੂ ਅਤੇ ਹੋਰ ਪਾਰਟੀ ਆਗੂ ਸ਼ਾਮਲ ਸਨ। ਅਕਾਲੀ ਦਲ ਦੇ ਕਿਸਾਨ ਮਾਰਚ ਵਿੱਚ ਸੈਂਕੜੇ ਵਾਹਨਾਂ ਰਾਹੀਂ ਵੱਡੀ ਗਿਣਤੀ ਪਾਰਟੀ ਆਗੂ ਤੇ ਵਰਕਰ ਸ਼ਾਮਲ ਸਨ।


Share