ਖੇਤੀ ਸੰਘਰਸ਼: ਖਹਿਰਾ ਵੱਲੋਂ ਸ਼ਾਂਤਮਈ ਸੰਘਰਸ਼ ਨੂੰ ਖਤਮ ਕਰਾਉਣ ਲਈ ਪੰਜਾਬ ਤੇ ਹਰਿਆਣਾ ‘ਚ ‘ਰਾਏਸ਼ੁਮਾਰੀ’ ਦੀ ਮੰਗ

82
Share

ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 16 ਦਸੰਬਰ (ਪੰਜਾਬ ਮੇਲ)- ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਖਤਮ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਸ੍ਰੀ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਵਿੱਚ ਰਾਏਸ਼ੁਮਾਰੀ ਕਰਾਉਣ ਦੀ ਮੰਗ ਕੀਤੀ ਹੈ ਤਾਂ ਕਿ ਲੋਕ ਰਾਏ ਨਾਲ ਕਿਸਾਨੀ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਖਤਮ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 115 ਵਿਧਾਇਕਾਂ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਤਿੰਨਾਂ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਦਿੱਤਾ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਜਬਰੀ ਕਿਸਾਨਾਂ ‘ਤੇ ਖੇਤੀ ਕਾਨੂੰਨ ਥੋਪਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਹਿਲੇ ਦਿਨ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਜਦਕਿ ਕੇਂਦਰ ਸਰਕਾਰ ਕਿਸਾਨੀ ਮੰਗਾਂ ਨੂੰ ਮੰਨਣ ਦੀ ਬਜਾਏ ਇਕ ਪਾਸੇ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਤਾਂ ਦੂਜੇ ਪਾਸੇ ਕਿਸਾਨਾਂ ਖ਼ਿਲਾਫ਼ ਪ੍ਰਚਾਰ ਕਰ ਰਹੀ ਹੈ। ਇਸ ਤੋਂ ਇਲਾਵਾ ਭਾਜਪਾ ਆਗੂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਅਤੇ ਨਕਸਲੀ ਆਖ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨੀ ਸੰਘਰਸ਼ ਵਿੱਚ ਕਈ ਗ਼ਰੀਬ ਕਿਸਾਨਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ ਪਰ ਕੇਂਦਰ ਸਰਕਾਰ ਮਨੁੱਖੀ ਜ਼ਿੰਦਗੀਆਂ ਦੇ ਨੁਕਸਾਨ ਨੂੰ ਵੀ ਅੱਖੋਂ-ਪਰੋਖੇ ਕਰ ਰਹੀ ਹੈ।


Share