ਗੁਰਦਾਸਪੁਰ ‘ਚ ਬੰਦੂਕ ਦੀ ਨੋਕ ‘ਤੇ ਕਾਰ ਅਗਵਾ ਦੀ ਘਟਨਾ ਮਗਰੋਂ ਪੰਜਾਬ, ਹਿਮਾਚਲ ਤੇ ਜੰਮੂ ‘ਚ ਅਲਰਟ

112
Share

ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਗੁਰਦਾਸਪੁਰ ‘ਚ ਤਿੰਨ ਵਿਅਕਤੀਆਂ ਵੱਲੋਂ ਬੰਦੂਕ ਦੀ ਨੋਕ ‘ਤੇ ਕਾਰ ਅਗਵਾ ਕਰਨ ਬਾਅਦ ਪੰਜਾਬ ਪੁਲਿਸ ਤੇ ਗੁਆਂਢੀ ਰਾਜਾਂ ਦੀਆਂ ਸੁਰੱਖਿਆ ਏਜੰਸੀਆਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਸ਼ੁਰੂ ਕਰ ਦਿੱਤੇ ਹਨ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ ਨੂੰ ਤਿੰਨ ਮੋਟਰਸਾਈਕਲ ਸਵਾਰਾਂ ਨੇ ਚਿੱਟੀ ਵਰਨਾ ਕਾਰ ਨੂੰ ਰੋਕਿਆ ਤੇ ਹਵਾ ‘ਚ ਗੋਲੀਬਾਰੀ ਕਰਕੇ ਕਾਰ ਖੋਹ ਲਈ। ਅਧਿਕਾਰੀ ਨੇ ਇਸ ਨੂੰ ਦਹਿਸ਼ਤਗਰਦੀ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੇ ਜੰਮੂ ਅਤੇ ਹਿਮਾਚਲ ਪ੍ਰਦੇਸ਼ ਵਿਚ ਆਪਣੇ ਹਮਰੁਤਬਾ ਨੂੰ ਪੱਤਰ ਭੇਜ ਕੇ ਸੁਰੱਖਿਆ ਨੂੰ ਵਧਾਉਣ ਲਈ ਕਿਹਾ ਹੈ।
ਜੰਮੂ: ਪੰਜਾਬ ਵਿਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਕਾਰ ਅਗਵਾ ਦੀ ਵਾਰਦਾਤ ਬਾਅਦ ਜੰਮੂ-ਪਠਾਨਕੋਟ ਹਾਈਵੇਅ ਦੇ ਨਾਲ ਲੱਗੀਆਂ ਸਾਰੀਆਂ ਚੌਕੀਆਂ ਨੂੰ ਚੌਕਸ ਕਰਕੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਕ ਪੁਲਿਸ ਅਧਿਕਾਰੀ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਅਲਰਟ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ, ”ਪੰਜਾਬ ਡੀ.ਜੀ.ਪੀ. ਤੋਂ ਸੁਨੇਹਾ ਪ੍ਰਾਪਤ ਹੋਣ ਤੋਂ ਬਾਅਦ ਸਾਰੀਆਂ ਚੌਕੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਪੰਜਾਬ ਨਾਲ ਲੱਗਦੇ ਇਲਾਕਿਆਂ ਵਿਚ ਗਸ਼ਤ ਵੀ ਤੇਜ਼ ਕਰ ਦਿੱਤੀ ਗਈ ਸੀ। ਅਧਿਕਾਰੀ ਨੇ ਦੱਸਿਆ, ”ਜੇ ਹਮਲਾਵਰਾਂ ਨੇ ਜੰਮੂ-ਕਸ਼ਮੀਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬਚ ਕੇ ਨਹੀਂ ਜਾਣਗੇ।”


Share