ਗੱਲਬਾਤ ਲਈ ਤਿਆਰ ਪਰ ਸਰਕਾਰ ਕੋਈ ਠੋਸ ਹੱਲ ਪੇਸ਼ ਕਰੇ : ਕਿਸਾਨ ਆਗੂ

76
Share

-ਸਰਕਾਰ ਦੀ ਚਿੱਠੀ ’ਚ ਕੁਝ ਨਵਾਂ ਨਾ ਹੋਣ ਦਾ ਕੀਤਾ ਦਾਅਵਾ
-ਸੰਯੁਕਤ ਮੋਰਚੇ ਦੀ ਮੀਟਿੰਗ ਮੰਗਲਵਾਰ ਨੂੰ, ਜਿਸ ਵਿਚ ਅਗਲੀ ਰਣਨੀਤੀ ਬਾਰੇ ਹੋਵੇਗੀ ਚਰਚਾ
ਨਵੀਂ ਦਿੱਲੀ, 21 ਦਸੰਬਰ (ਪੰਜਾਬ ਮੇਲ)- ਕਿਸਾਨ ਆਗੂਆਂ ਨੇ ਸੋਮਵਾਰ ਨੂੰ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹਨ ਪਰ ਸਰਕਾਰ ਕੋਈ ‘ਠੋਸ ਹੱਲ’ ਪੇਸ਼ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਅਗਲੇ ਗੇੜ ਦੀ ਗੱਲਬਾਤ ਲਈ ਭੇਜੀ ਚਿੱਠੀ ਵਿੱਚ ਕੁਝ ਨਵਾਂ ਨਹੀਂ ਹੈ। ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ ਟਿਕੇੈਤ ਨੇ ਕਿਹਾ ਕਿ ਸਰਕਾਰ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਉਹ ਨਵੇਂ ਖੇਤੀ ਕਾਨੂੰਨਾਂ ’ਚ ਸੋਧ ਦੀ ਆਪਣੀ ਪਹਿਲੀ ਤਜਵੀਜ਼ ਬਾਰੇ ਗੱਲਬਾਤ ਕਰਨਾ ਚਾਹੁੰਦੀ ਹੈ। ਟਿਕੈਤ ਨੇ ਪੀਟੀਆਈ ਨੂੰ ਦੱਸਿਆ, ‘‘ਇਸ ਮੁੱਦੇ ’ਤੇ (ਸਰਕਾਰ ਦੀ ਤਜਵੀਜ਼), ਅਸੀਂ ਉਨ੍ਹਾਂ ਨਾਲ ਪਹਿਲਾਂ ਗੱਲਬਾਤ ਨਹੀਂ ਕੀਤੀ ਸੀ। ਅਸੀਂ ਹਾਲ ਦੀ ਘੜੀ ਸਰਕਾਰ ਨੂੰ ਕੀ ਜਵਾਬ ਦੇਣਾ ਹੈ ਇਸ ’ਤੇ ਵਿਚਾਰ ਵਟਾਂਦਰਾ ਕਰ ਰਹੇ ਹਾਂ।’’ ਕਾਬਿਲੇਗੌਰ ਹੈ ਕਿ 9 ਦਸੰਬਰ ਨੂੰ ਹੋਣ ਵਾਲੀ ਛੇਵੇਂ ਗੇੜ ਦੀ ਗੱਲਬਾਤ ਰੱਦ ਹੋ ਗਈ ਸੀ। 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਵਿਵੇਕ ਅਗਰਵਾਲ ਨੇ ਪੱਤਰ ਭੇਜ ਕੇ ਪੁੱਛਿਆ ਸੀ ਕਿ ਉਹ ਖੇਤੀ ਕਾਨੂੰਨਾਂ ਵਿਚ ਸੋਧ ਦੀ ਸਰਕਾਰ ਦੀ ਤਜਵੀਜ਼ ਬਾਰੇ ਆਪਣੇ ਤੌਖਲੇ ਦੱਸਣ ਅਤੇ ਅਗਲੇ ਗੇੜ ਦੀ ਗੱਲਬਾਤ ਲਈ ਕੋਈ ਤਰੀਕ ਨਿਸ਼ਚਿਤ ਕਰਨ ਤਾਂ ਜੋ ਅੰਦੋਲਨ ਛੇਤੀ ਖ਼ਤਮ ਹੋ ਸਕੇ। ਕਿਸਾਨ ਆਗੂ ਅਭਮਨਯੂ ਕੋਹਾੜ ਨੇ ਕਿਹਾ, ‘‘ ਸਰਕਾਰ ਦੀ ਚਿੱਠੀ ਵਿੱਚ ਕੁਝ ਨਵਾਂ ਨਹੀਂ ਹੈ। ਅਸੀਂ ਪਹਿਲਾਂ ਹੀ ਸਰਕਾਰ ਦੀ ਖੇਤੀ ਕਾਨੂੰਨਾਂ ਵਿੱਚ ਸੋਧ ਦੀ ਪੇਸ਼ਕਸ਼ ਰੱਦ ਕਰ ਚੁੱਕੇ ਹਨ। ਆਪਣੇ ਪੱਤਰ ਵਿੱਚ ਸਰਕਾਰ ਨੇ ਸਾਡੇ ਤੋਂ ਤਜਵੀਜ਼ ’ਤੇ ਵਿਚਾਰ ਵਟਾਂਦਰਾ ਕਰਨ ਲਈ ਤਰੀਕ ਦੱਸਣ ਲਈ ਕਿਹਾ ਹੈ। ਉਨ੍ਹਾਂ ਕਿਹਾ,‘‘ ਕੀ ਉਨ੍ਹਾਂ ਨੂੰ ਸਾਡੀਆਂ ਮੰਗਾਂ ਦਾ ਨਹੀਂ ਪਤਾ? ਅਸੀਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਾਂ। ’’ ਕ੍ਰਾਂਤੀਕਾਰੀ ਕਿਸਾਨ ਯੁੂਨੀਅਨ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਕਿਸਾਨ ਆਗੂਆਂ ਦੀ ਮੰਗਲਵਾਰ ਨੂੰ ਮੀਟਿੰਗ ਹੋ ਸਕਦੀ ਹੈ, ਜਿਸ ਵਿੱਚ ਉਹ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨਗੇ।

Share