ਜਦੋਂ ਤੱਕ ਕਾਨੂੰਨ ਰੱਦ ਨਹੀਂ, ਉਦੋਂ ਤੱਕ ਜਾਰੀ ਰਹੇਗਾ ਅੰਦੋਲਨ: ਰਾਕੇਸ਼ ਟਿਕੈਤ

87
Share

ਮੁਜ਼ੱਫਰਨਗਰ, 7 ਮਾਰਚ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜਦੋਂ ਤੱਕ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਇੱਥੇ ਰਾਮਰਾਜ ਕਸਬੇ ਵਿਚ ਆਯੋਜਿਤ ਪ੍ਰੋਗਰਾਮ ਵਿਚ ਟਿਕੈਤ ਨੇ ਇਹ ਗੱਲ ਆਖੀ।’ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਵਾਪਸ ਲਏ ਜਾਣ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਨੇ ਇਸ ਮੌਕੇ ’ਤੇ ਟਰੈਕਟਰ ਰੈਲੀ ਨੂੰ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਰੈਲੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਜ਼ਿਲ੍ਹਿਆਂ ਵਿਚ ਜਾਵੇਗੀ ਅਤੇ 27 ਮਾਰਚ ਨੂੰ ਗਾਜ਼ੀਪੁਰ ਵਿਚ ਕਿਸਾਨ ਪ੍ਰਦਰਸ਼ਨ ਵਾਲੀ ਥਾਂ ’ਤੇ ਪਹੁੰਚੇਗੀ।  ਇਸ ਦਰਮਿਆਨ ਮੁਜ਼ੱਫਰਨਗਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੰਜੀਵ ਬਾਲਯਾਨ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਕਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਖੇਤੀ ਕਾਨੂੰਨਾਂ ਕਾਰਨ ਕਿਸੇ ਇਕ ਵੀ ਕਿਸਾਨ ਦੀ ਜ਼ਮੀਨ ਲਈ ਗਈ ਤਾਂ ਮੈਂ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦੇਵਾਂਗਾ। ਇਹ ਕਾਨੂੰਨ ਕਿਸਾਨਾਂ ਦੀ ਇੱਛਾ ਮੁਤਾਬਕ ਹੀ ਲਾਗੂ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਨਵੰਬਰ ਮਹੀਨੇ ਦੇ ਅਖ਼ੀਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।


Share