ਜਾਟ ਆਗੂਆਂ ਨੇ ਫਿਰ ਤੋਂ ਹਰਿਆਣਾ ਸਰਕਾਰ ਦੀ ਚਿੰਤਾ ਵਧਾਈ

ਚੰਡੀਗੜ੍ਹ, 3 ਜੂਨ (ਪੰਜਾਬ ਮੇਲ)- ਹਰਿਆਣਾ ਵਿੱਚ ਜਾਟਾਂ ਵੱਲੋਂ ਦਿੱਤੀ ਗਈ ਅੰਦੋਲਨ ਦੀ ਧਮਕੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਰਾਜ ਸਰਕਾਰ ਨੇ ਪੁਲੀਸ ਮੁਲਾਜ਼ਮਾਂ ਦੀਆਂ ਸਭ ਤਰ੍ਹਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਮੰਤਰੀਆਂ ਅਤੇ ਪੁਲੀਸ ਤੇ ਸਿਵਲ ਅਧਿਕਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਕਰ ਕੇ ਚੌਕਸੀ ਰੱਖਣ ਅਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ।
ਉੱਧਰ ਦੂਜੇ ਪਾਸੇ ਖੇਤੀਬਾੜੀ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਪੰਚਕੂਲਾ ਤੇ ਟਰਾਂਸਪੋਰਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਦਿੱਲੀ ਵਿੱਚ ਜਾਟ ਆਗੂਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਗੱਲਬਾਤ ਨਾਲ ਕਿਸੇ ਵੀ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ। ‘ਆਲ ਇੰਡੀਆ ਜਾਟ ਆਰਕਸ਼ਣ ਸੰਘਰਸ਼ ਸਮਿਤੀ’ ਦੇ ਪ੍ਰਧਾਨ ਯਸ਼ਪਾਲ ਮਲਿਕ ਨੇ ਰਾਖਵੇਂਕਰਨ ਦੇ ਹੱਕ ਵਿੱਚ 13 ਸੂਬਿਆਂ ਵਿੱਚ ਅੰਦੋਲਨ ਦਾ ਸੱਦਾ ਦਿੱਤਾ ਹੈ। ਰੋਹਤਕ ਜ਼ਿਲ੍ਹੇ ਦੇ ਜਾਟ ਯੁਵਾ ਏਕਤਾ ਮੰਚ ਨੇ ਨੌਜਵਾਨਾਂ ਨੂੰ ਝੂਠੇ ਪੁਲੀਸ ਕੇਸਾਂ ਵਿੱਚ ਫਸਾਉਣ ਵਿਰੁੱਧ ਪੰਜ ਜੂਨ ਤੋਂ ਗ੍ਰਿਫ਼ਤਾਰੀਆਂ ਦੇਣ ਦਾ ਐਲਾਨ ਕੀਤਾ ਹੋਇਆ ਹੈ। ਇਸ ਦੌਰਾਨ ਹਰਿਆਣਾ ਪੁਲੀਸ ਦੇ ਵਧੀਕ ਡਾਇਰੈਕਟਰ ਜਰਨਲ (ਕਾਨੂੰਨ ਵਿਵਸਥਾ) ਮੁਹੰਮਦ ਅਕੀਲ ਨੇ ਕਿਹਾ ਹੈ ਕਿ ਪੁਲੀਸ ਤੇ ਪ੍ਰਸ਼ਾਸਨ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖੇਗਾ। ਜੇ ਕੋਈ ਵਿਅਕਤੀ ਜਾਂ ਸਮੂਹ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਂਤੀ ਦੇ ਮਾਹੌਲ ਨੂੰ ਵਿਗਾੜਨ ਦਾ ਯਤਨ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
There are no comments at the moment, do you want to add one?
Write a comment