ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦਾ ਮ੍ਰਿਤਕ ਸਰੀਰ 42 ਦਿਨਾਂ ਬਾਅਦ ਦੁਬਈ ਤੋਂ ਵਤਨ ਪੁੱਜਾ

97
ਭਗਵੰਤ ਸਿੰਘ ਦਾ ਮ੍ਰਿਤਕ ਸਰੀਰ ਪਰਿਵਾਰ ਨੂੰ ਸੌਂਪਣ ਮੌਕੇ ਟਰੱਸਟ ਦੇ ਅਹੁਦੇਦਾਰ ਸੁਖਜਿੰਦਰ ਹੇਰ, ਮਨਪ੍ਰੀਤ ਸੰਧੂ, ਨਵਜੀਤ ਘਈ ਤੇ ਹੋਰ।
Share

-ਪ੍ਰੇਸ਼ਾਨੀ ਦੇ ਚਲਦਿਆਂ 3 ਨਵੰਬਰ ਨੂੰ ਕਰ ਲਈ ਸੀ ਆਤਮਹੱਤਿਆ  
– ਟਰੱਸਟ ਹੁਣ ਤੱਕ 214 ਬਦਨਸੀਬਾਂ ਦੇ ਮ੍ਰਿਤਕ ਸਰੀਰ ਪਹੁੰਚਾ ਚੁੱਕਾ ਹੈ ਵਾਰਸਾਂ ਤੱਕ
– ਬੇਰੋਜ਼ਗਾਰੀ ਕਾਰਨ ਹੀ ਵੱਧ ਰਹੀ ਹੈ ਮੌਤਾਂ ਦੀ ਦਰ : ਡਾ. ਓਬਰਾਏ
ਸਾਡੇ ਵੱਸੋਂ ਬਾਹਰ ਸੀ ਮ੍ਰਿਤਕ ਸਰੀਰ ਨੂੰ ਵਤਨ ਲੈ ਕੇ ਆਉਣਾ : ਪੀੜਤ ਪਰਿਵਾਰ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਮੇਲ)- ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਬਰਨਾਲਾ ਸ਼ਹਿਰ ਨਾਲ ਸਬੰਧਤ 34 ਸਾਲਾ ਭਗਵੰਤ ਸਿੰਘ ਪੁੱਤਰ ਤਖਤ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ।

ਮ੍ਰਿਤਕ ਦੀ ਫਾਈਲ ਫੋਟੋ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਭਗਵੰਤ ਸਿੰਘ ਕਰੀਬ ਇੱਕ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਦੁਬਈ ਮਿਹਨਤ ਮਜ਼ਦੂਰੀ ਕਰਨ ਗਿਆ ਸੀ ਕਿ ਬੀਤੀ 3 ਨਵੰਬਰ ਨੂੰ ਕਿਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਸ਼ਾਰਜਾਹ ‘ਚ ਆਤਮਹੱਤਿਆ ਕਰ ਲਈ ਸੀ। ਉਨ੍ਹਾਂ ਦੱਸਿਆ ਕਿ ਜਦ ਪੀੜਤ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਨੇ ਕਾਰਵਾਈ ਕਰਦਿਆਂ ਆਪਣੀ ਦੁਬਈ ਵਿਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਭਗਵੰਤ ਸਿੰਘ ਦਾ ਮ੍ਰਿਤਕ ਸਰੀਰ ਲਿਆ ਕੇ ਅੱਜ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਦੀ ਮੌਜੂਦਗੀ ‘ਚ ਹਵਾਈ ਅੱਡੇ ਤੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 214 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਡਾ. ਓਬਰਾਏ ਅਨੁਸਾਰ ਆਉਂਦੇ ਕੁਝ ਦਿਨਾਂ ਅੰਦਰ ਟਰੱਸਟ ਵੱਲੋਂ ਹੋਰ ਵੀ ਕੁਝ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਪਸ ਭਾਰਤ ਪਹੁੰਚਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਪ੍ਰਵਾਸੀ ਕਾਮਿਆਂ ਦੀਆਂ ਮੌਤਾਂ ਦੀ ਗਿਣਤੀ ‘ਚ ਹੋ ਰਹੇ ਵਾਧੇ ਦਾ ਮੁੱਖ ਵੱਡਾ ਕਾਰਨ ਕਰੋਨਾ ਮਹਾਂਮਾਰੀ ਦੇ ਕਾਰਨ ਕੰਮ ਬੰਦ ਹੋਣਾ ਜਾਂ ਘੱਟਣਾ ਹੈ, ਜਿਸ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਬਹੁਤ ਸਾਰੇ ਨੌਜਵਾਨ ਜਾਂ ਤਾਂ ਆਤਮ ਹੱਤਿਆ ਕਰ ਰਹੇ ਹਨ ਜਾਂ ਛੋਟੀ ਉਮਰ ‘ਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਰਹੀ ਹੈ।
ਇਸ ਦੌਰਾਨ ਮ੍ਰਿਤਕ ਦੇਹ ਲੈਣ ਪਹੁੰਚੇ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਨੇ ਆਪਣੇ ਭਤੀਜੇ ਭਗਵੰਤ ਸਿੰਘ ਦੀ ਮ੍ਰਿਤਕ ਦੇਹ ਲੈ ਕੇ ਆਉਣ ਤੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਭਗਵੰਤ ਸਿੰਘ ਦਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ. ਓਬਰਾਏ ਦੀ ਬਦੌਲਤ ਹੀ ਭਗਵੰਤ ਸਿੰਘ ਦੇ ਬਜ਼ੁਰਗ ਮਾਪਿਆਂ, ਪਤਨੀ, ਛੋਟੇ-ਛੋਟੇ ਬੱਚਿਆਂ ਤੇ ਹੋਰਨਾਂ ਰਿਸ਼ਤੇਦਾਰਾਂ ਆਦਿ ਨੂੰ ਉਸ ਦੇ ਅੰਤਿਮ ਦਰਸ਼ਨ ਕਰਨੇ ਨਸੀਬ ਹੋਏ ਹਨ।
ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਪਹੁੰਚਾਉਣ ਲਈ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਤੇ ਲਿਵਤਾਰ ਸਿੰਘ ਵੀ ਮੌਜੂਦ ਸਨ ।


Share