ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਲੰਬੇ ਸਮੇਂ ਤੋਂ ਚੁੱਪੀ ਧਾਰੀ ਹੋਈ ਸੀ ਪਰ ਹੁਣ ਉਨ੍ਹਾਂ ਨੇ ਸਰਗਰਮ ਹੋਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕਾਫੀ ਸਮੇਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਕੋਲਡ ਵਾਰ ਚੱਲ ਰਹੀ ਹੈ ਅਤੇ ਹੁਣ ਸਿੱਧੂ ਦੇ ਸਰਗਰਮ ਹੋਣ ਨਾਲ ਪੰਜਾਬ ‘ਚ ਕਾਂਗਰਸ ਲਈ ਖਤਰੇ ਦੀ ਘੰਟੀ ਵੱਜਦੀ ਹੋਈ ਦਿਖਾਈ ਦੇ ਰਹੀ ਹੈ।
ਨਵਜੋਤ ਸਿੰਘ ਸਿੱਧੂ ਨੇ ਪੰਜਾਬੀਆਂ ਨਾਲ ਸਿੱਧੇ ਰੂਪ ‘ਚ, ਸਾਦੀ ਅਤੇ ਸਰਲ ਭਾਸ਼ਾ ‘ਚ ਆਪਣੇ ਵਿਚਾਰ ਸਾਂਝੇ ਕਰਨ ਲਈ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰ ਦਿੱਤਾ। ਨਵਜੋਤ ਸਿੰਘ ਸਿੱਧੂ ਦੇ ਦਫਤਰ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨ ਲਈ ਸਿੱਧੂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰ ਰਹੇ ਹਨ। ਉਨ੍ਹਾਂ ਨੇ ਸ਼ਨੀਵਾਰ ਸਵੇਰੇ ਇਸ ਯੂ-ਟਿਊਬ ਚੈਨਲ ਦੀ ਸ਼ੁਰੂਆਤ ਕਰਦਿਆਂ ਆਪਣੀ ਪਹਿਲੀ ਵੀਡੀਓ ਪਾਈ। ‘ਆਸ ਤੇ ਵਿਸ਼ਵਾਸ’ ਸਿਰਲੇਖ ਹੇਠ ਪਾਈ 4.10 ਮਿੰਟ ਦੀ ਵੀਡੀਓ ‘ਚ ਸਿੱਧੂ ਨੇ ਕਈ ਅਹਿਮ ਗੱਲਾਂ ਕਹੀਆਂ।