ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਰੋਨਾ ਪਾਜ਼ੇਟਿਵ

121
Share

ਮੁਹਾਲੀ, 6 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਕਰੋਨਾ ਮਹਾਮਾਰੀ ਦੇ ਲਪੇਟੇ ਵਿੱਚ ਆ ਗਏ ਹਨ। ਮੰਗਲਵਾਰ ਨੂੰ ਬਾਅਦ ਦੁਪਹਿਰ ਉਨ੍ਹਾਂ ਦੀ ਕਰੋਨਾ ਨਮੂਨੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੂੰ ਹਲਕਾ ਜਿਹਾ ਬੁਖਾਰ ਅਤੇ ਗਲਾ ਖਰਾਬ ਸੀ। ਮੰਤਰੀ ਨੇ ਖੁਦ ਹੀ ਅੱਜ ਸਵੇਰੇ ਮੁਹਾਲੀ ਦੇ ਫੇਜ-6 ਸਥਿਤ ਸਰਕਾਰੀ ਹਸਪਤਾਲ ਵਿੱਚ ਕਰੋਨਾ ਲਈ ਸੈਂਪਲ ਦਿੱਤਾ ਅਤੇ ਬਾਅਦ ਦੁਪਹਿਰ ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸ੍ਰੀ ਸਿੱਧੂ ਨੂੰ ਅਗਲੇ 14 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਅਤੇ ਪੰਜ ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਜਾਣਗੇ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਬੀਤੇ ਦਿਨੀਂ ਸੰਗਰੂਰ ਵਿੱਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰਾਹੁਲ ਗਾਂਧੀ ਦੀ ਕਿਸਾਨ ਰੈਲੀ ਵਿੱਚ ਸ਼ਿਰਕਤ ਕੀਤੀ ਸੀ। ਮੁੱਖ ਮੰਤਰੀ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਸਟੇਜ ਸਾਂਝੀ ਕੀਤੀ ਗਈ ਸੀ। ਇਸ ਤੋਂ ਇਲਾਵਾ ਮੁਹਾਲੀ ਹਲਕੇ ਰੋਜ਼ ਹੀ ਆਮ ਲੋਕਾਂ ਨੂੰ ਮਿਲਦੇ ਰਹੇ ਹਨ।


Share