ਰਾਜਪੁਰਾ, 28 ਦਸੰਬਰ (ਪੰਜਾਬ ਮੇਲ)- ਖੇਤੀ ਕਾਨੂੰਨ ਪਾਸ ਕਰਨ ਤੋਂ ਬਾਅਦ ਪੰਜਾਬ ਵਿਚ ਭਾਜਪਾ ਆਗੂਆਂ ਦੇ ਅਸਤੀਫ਼ਿਆਂ ਦਾ ਦੌਰ ਲਗਾਤਾਰ ਜਾਰੀ ਹੈ। ਹਲਕਾ ਰਾਜਪੁਰਾ ’ਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਅਤੇ ਸਰਗਰਮ ਆਗੂ ਸੀਨੀਅਰ ਐਡਵੋਕੇਟ ਕਿਸ਼ਨ ਸਿੰਘ ਨੇ 3 ਖੇਤੀ ਕਾਨੂੰਨਾਂ ਦੇ ਵਿਰੋਧ ’ਚ ਆਪਣੇ ਅਹੁਦੇ ਅਤੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼, ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਦਿਨੇਸ਼ ਕੁਮਾਰ ਨੂੰ ਭੇਜ ਦਿੱਤੀ ਹੈ। ਐਡਵੋਕੇਟ ਕਿਸ਼ਨ ਸਿੰਘ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਜਿਹੜੇ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਦੇ ਵਿਰੋਧ ’ਚ ਪਿਛਲੇ 1 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਜਥੇਬੰਦੀਆਂ ਧਰਨਾ ਦੇ ਰਹੀਆਂ ਹਨ। ਕੇਂਦਰ ਸਰਕਾਰ ਕਾਨੂੰਨ ਰੱਦ ਕਰਨ ਦੀ ਥਾਂ ਸਿਰਫ ਸੋਧਾਂ ਕਰਨ ਦੀਆਂ ਗੱਲਾਂ ਕਰ ਕੇ ਗੁੰਮਰਾਹ ਕਰ ਰਹੀ ਹੈ। ਉਹ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਕਿਸਾਨ ਦੇ ਹੱਕਾਂ ਲਈ ਲੜਨਗੇ। ਇਸ ਕਾਰਣ ਉਨ੍ਹਾਂ ਵੱਲੋਂ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।