ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ; ਆਪ ਤੇ ਅਕਾਲੀ ਦਲ ਧਰਨੇ ‘ਤੇ ਬੈਠੇ

73
Share

ਟਰੈਕਟਰ ‘ਤੇ ਵਿਧਾਨ ਸਭਾ ਜਾ ਰਹੇ ਅਕਾਲੀ ਵਿਧਾਇਕਾਂ ਨੂੰ ਪੁਲਿਸ ਨੇ ਰੋਕਿਆ;
-ਆਪ ਵਿਧਾਇਕ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ
ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੱਲ੍ਹ ਤੱਕ ਯਾਨਿ ਕਿ 20 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸੈਸ਼ਨ ਦੌਰਾਨ ਅਕਾਲੀ ਦਲ ਤੇ ਆਪ ਵੱਲੋਂ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਹਿੱਸਾ ਲੈਣ ਲਈ ਸੋਮਵਾਰ ਨੂੰ ਟਰੈਕਟਰ ‘ਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੁਲਿਸ ਨੇ ਸੈਕਟਰ 2 ਵਿਚ ਰੋਕ ਲਿਆ ਸੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵੀ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਟਰੈਕਟਰਾਂ ‘ਤੇ ਰਵਾਨਾ ਹੋਏ। ਮਜੀਠੀਆ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵਿਧਾਨ ਸਭਾ ਜਾਣ ਲਈ ਟਰੈਕਟਰਾਂ ਦੀ ਚੋਣ ਕੀਤੀ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜਾਰੀ ਰੋਸ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਨਾਂ ਸ਼ਾਮਲ ਕਰਨ ਲਈ ਸਦਨ ਵਿਚ ਮਤਾ ਪੇਸ਼ ਕੀਤਾ। ਇਸ ਤੋਂ ਬਾਅਦ ਸਦਨ ਨੇ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਤੋਂ ਬਾਅਦ ਸਦਨ ਇਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਅਕਾਲੀਆਂ ਨੇ ਵਿਧਾਨ ਸਭਾ ਦੇ ਬਾਹਰ ‘ਕਾਲੇ’ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਨਵਜੋਤ ਸਿੰਘ ਸਿੱਧੂ ਵੀ ਲੰਬੇ ਸਮੇਂ ਬਾਅਦ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਸ਼ਾਮਲ ਹੋਏ।
ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕੀਤਾ ‘ਪੰਜਾਬ ਵਿਧਾਨ ਸਭਾ ਨੂੰ ਕੇਂਦਰ ਸਰਕਾਰ ਵੱਲੋਂ ਦਿੱਲੀ ਵਿਚ ਕਿਸਾਨਾਂ ਦੇ ਪ੍ਰਤੀਨਿਧਾਂ ਨੂੰ ਬੇਇੱਜ਼ਤ ਕਰਨ ਦੀ ਨਿਖੇਧੀ ਕਰਦਿਆਂ ਸਰਬਸੰਮਤੀ ਨਾਲ ਇਕ ਮਤਾ ਪਾਸ ਕਰਨਾ ਚਾਹੀਦਾ ਹੈ। ਅਜਿਹਾ ਕਰਕੇ ਭਾਜਪਾ ਨੇ ਸਿਰਫ ਕਿਸਾਨ ਭਾਈਚਾਰੇ ਨੂੰ ਹੀ ਨਹੀਂ, ਸਗੋਂ ਪੰਜਾਬ ਨੂੰ ਵੀ ਬੇਇੱਜ਼ਤ ਕੀਤਾ ਹੈ।’ ਇਕ ਘੰਟੇ ਬਾਅਦ ਜੁੜਿਆ ਸੈਸ਼ਨ ਕੁਝ ਦੇਰ ਮਗਰੋਂ ਹੀ ਅਗਲੇ ਦਿਨ ਲਈ ਉਠਾ ਦਿੱਤਾ ਗਿਆ।


Share