ਪੰਜਾਬ ਵਿਧਾਨ ਸਭਾ ਸੈਸ਼ਨ: ਪੰਜਾਬ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

89
Share

ਚੰਡੀਗੜ੍ਹ, 5 ਮਾਰਚ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ 5ਵੇਂ ਦਿਨ ਦੀ ਕਾਰਵਾਈ ਵੀ ਹੰਗਾਮਾਪੂਰਨ ਰਹੀ। ਇਸ ਦੌਰਾਨ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ, ਉਥੇ ਹੀ ਹੰਗਾਮੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ।
ਦਰਅਸਲ ਅੱਜ ਜਦੋਂ ਸਦਨ ’ਚ ਜਿਵੇਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਤਾਂ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ ਕਰ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਦਾ ਭਾਸ਼ਣ ਸ਼ੁਰੂ ਹੁੰਦੇ ਹੀ ਆਮ ਆਦਮੀ ਪਾਰਟੀ ਅਤੇ ਅਕਾਲੀ ਵਿਧਾਇਕ ਵੈੱਲ ’ਚ ਪਹੁੰਚੇ ਅਤੇ ਕੈਪਟਨ ਖ਼ਿਲਾਫ਼ ਜੰਮ ਕੇ ਹੰਗਾਮਾ ਕੀਤਾ। ਵਿਰੋਧੀਆਂ ਦਾ ਹੰਗਾਮਾ ਹੁੰਦਾ ਵੇਖ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਭਾਸ਼ਣ ਦੋ ਵਾਰ ਰੋਕਣਾ ਪਿਆ ਅਤੇ ਦੋ ਵਾਰ 15-15 ਮਿੰਟਾਂ ਲਈ ਕਾਰਵਾਈ ਨੂੰ ਵੀ ਮੁਲਤਵੀ ਕੀਤਾ ਗਿਆ ਸੀ।¿;
ਦਰਅਸਲ ਸਦਨ ’ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ ਜਾ ਰਹੀਆਂ ਸਨ। ਇਸੇ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਹੱਥਾਂ ’ਚ ਤਖਤੀਆਂ ਲੈ ਕੇ ਪਹੁੰਚੇ ਵਿਰੋਧੀ ਧਿਰਾਂ ਨੇ ਕਾਂਗਰਸ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਦੌਰਾਨ ਅਕਾਲੀ ਦਲ ਵੱਲੋਂ ਸਦਨ ਵਿਚੋਂ ਵਾਕਆਊਟ ਵੀ ਕਰ ਦਿੱਤਾ ਗਿਆ ਸੀ।¿
ਸੱਤਾਧਾਰੀ ਬੈਂਚਾਂ ਵੱਲੋਂ ‘ਸ਼ਰਮ ਕਰੋ’ ‘ਸ਼ਰਮ ਕਰੋ’ ਦੀਆਂ ਅਵਾਜ਼ਾਂ ਦੌਰਾਨ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਮਤੇ ’ਤੇ ਆਪਣੀ ਤਕਰੀਰ ਵਿਚ ਕਿਸਾਨ ਅੰਦੋਲਨ ’ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ, ਦੋਵਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਦੋਗਲਾਪਣ ਦਿਖਾ ਕੇ ਪੰਜਾਬ ਦੇ ਲੋਕਾਂ ਨਾਲ ਦਗ਼ਾ ਕਮਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੀਟਿੰਗ ’ਚ ਅਕਾਲੀ ਦਲ ਨੇ ਕੋਈ ਆਬਜੈਕਸ਼ਨ ਨਹੀਂ ਕੀਤਾ ਸੀ। ਮੈਂ ਕਿਸੇ ਨੂੰ ਜ਼ਲੀਲ ਨਹੀਂ ਕਰਨਾ ਚਾਹੁੰਦਾ ਪਰ ਜੋ ਸੱਚ ਹੈ, ਉਹ ਸੱਚ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ’ਤੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਲਖ਼ ਟਿੱਪਣੀ। ਬੀਤੇ ਦਿਨੀਂ ਤੋਮਰ ਵੱਲੋਂ ਅੰਦੋਲਨ ਦੌਰਾਨ ਹੋਈਆਂ ਕਿਸਾਨਾਂ ਦੀਆਂ ਮੌਤਾਂ ’ਤੇ ਦਿੱਤੇ ਗਏ ਬਿਆਨ ’ਤੇ ਤਲਖ ਟਿੱਪਣੀ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਇਸ ਮੰਤਰੀ ਨੂੰ ਪੁੱਠਾ ਟੰਗ ਦਿੱਤਾ ਜਾਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ’ਤੇ ਅਕਾਲੀ ਦਲ ਦਾ ਦੋਹਰਾ ਸਟੈਂਡ ਹੈ। ਮੁੱਖ ਮੰਤਰੀ ਨੇ ਕਿਹਾ, ‘‘ਇਹ ਇੱਥੇ ਕੁਝ ਹੋਰ ਕਹਿੰਦੇ ਹਨ ਅਤੇ ਉਥੇ ਕੁਝ ਹੋਰ ਕਹਿੰਦੇ ਹਨ।’’ ਇਨ੍ਹਾਂ ਨੇ ਤਾਂ ਦੋਹਰੇ ਮਾਪਦੰਡ ਅਪਣਾ ਕੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ।’’ ਉਨ੍ਹਾਂ ਕਿਹਾ, ‘‘ਅਕਾਲੀ ਲਗਾਤਾਰ ਆਪਣਾ ਪੈਂਤੜਾ ਬਦਲਦੇ ਰਹੇ ਅਤੇ ਹੁਣ ਕਿਸਾਨ-ਪੱਖੀ ਹੋਣ ਦਾ ਦਾਅਵਾ ਕਰ ਰਹੇ ਹਨ।’’ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਤਾਂ ਸ਼ੁਰੂਆਤ ਵਿਚ ਉਨ੍ਹਾਂ ਦੀ ਸਰਕਾਰ ’ਤੇ ਹੀ ਦੋਸ਼ ਲਾਏ ਸਨ ਕਿ ਉਸ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਇੱਥੋਂ ਤੱਕ ਕਿ ਅਕਾਲੀ ਪ੍ਰਧਾਨ ਨੇ ਇਹ ਦਾਅਵਾ ਵੀ ਕੀਤਾ ਸੀ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸੁਖਬੀਰ ਬੇਸ਼ਰਮੀ ਨਾਲ ਆਪਣੇ ਪਹਿਲੇ ਸਟੈਂਡ ’ਤੇ ਪਿਛਾਂਹ ਹਟ ਗਿਆ ਅਤੇ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਉਤਰ ਆਇਆ। ਉਨ੍ਹਾਂ ਨੇ 25 ਜੂਨ, 2020 ਦੇ ਇਕ ਪੱਤਰ ਦਾ ਕੁਝ ਹਿੱਸਾ ਵੀ ਪੜ੍ਹਿਆ, ਜਿਸ ਵਿਚ ਸੁਖਬੀਰ ਬਾਦਲ ਪੂਰੀ ਤਰ੍ਹਾਂ ਖੇਤੀ ਕਾਨੂੰਨਾਂ ਦੀ ਪਿੱਠ ’ਤੇ ਖੜ੍ਹਾ ਹੋਇਆ ਇਸ ਗੱਲ ’ਤੇ ਜ਼ੋਰ ਦਿੰਦਾ, ‘‘ਇਨ੍ਹਾਂ ਆਰਡੀਨੈਂਸਾਂ ਵਿਚ ਅਜਿਹਾ ਕੁਝ ਵੀ ਨਹੀਂ ਹੈ, ਜੋ ਸੰਘੀ ਢਾਂਚੇ ਜਾਂ ਕਿਸਾਨਾਂ ਦੇ ਖਿਲਾਫ਼ ਜਾਂਦਾ ਹੋਵੇ।’’ ਸੁਖਬੀਰ ਨੇ ਇਸ ਪੱਤਰ ਵਿਚ ਇਹ ਵੀ ਕਿਹਾ ਕਿ ਜੇਕਰ ਸਰਕਾਰ ਇਸ ਬਾਰੇ ਸਪੱਸ਼ਟ ਨਾ ਹੋਈ, ਤਾਂ ਜਿਸ ਵੇਲੇ ਸਰਕਾਰ ਸੰਸਦ ਵਿਚ ਬਿੱਲ ਪੇਸ਼ ਕਰਦੀ ਹੈ ਤਾਂ ਉਸ ਵੇਲੇ ਅਸੀਂ ਮੁਲਕ ਦੇ ਕਿਸਾਨਾਂ ਨੂੰ ਸੰਸਦ ਦੇ ਅੰਦਰੋਂ ਵੀ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਬਾਰੇ ਭਰੋਸਾ ਦੇਵਾਂਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਇਸ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਰਾਏ ਦਾ ਸਪੱਸ਼ਟ ਕਥਨ ਕਰਾਰ ਦਿੱਤਾ, ਨੇ ਇਹ ਵੀ ਦਾਅਵਾ ਕੀਤਾ ਸੀ ਕਿ ਖੇਤੀ ਕਾਨੂੰਨਾਂ ਦੇ ਜੋ ਅਰਥ ਕੱਢੇ ਜਾ ਰਹੇ ਹਨ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਲਈ ਤਬਾਹਕੁੰਨ ਸਾਬਤ ਹੋਣਗੇ, ਪੂਰੀ ਤਰ੍ਹਾਂ ਗਲਤ ਹਨ। ਉਨ੍ਹਾਂ ਕਿਹਾ ਕਿ ਬਹੁਤ ਬਾਅਦ ਵਿਚ ਜਦੋਂ ਅਕਾਲੀਆਂ ਨੂੰ ਕਿਸਾਨਾਂ ਦੇ ਰੋਹ ਦਾ ਸੇਕ ਲੱਗਣਾ ਸ਼ੁਰੂ ਹੋਇਆ ਅਤੇ ਇਸ ਮੁੱਦੇ ’ਤੇ ਸਿਆਸੀ ਹੋਂਦ ਦਾ ਖ਼ਤਰਾ ਪੈਦਾ ਹੋਇਆ ਤਾਂ ਉਸ ਵੇਲੇ ਉਨ੍ਹਾਂ ਨੂੰ ਆਪਣੇ ਪਹਿਲੇ ਸਟੈਂਡ ਤੋਂ ਪੈਰ ਪਿਛਾਂਹ ਖਿੱਚਣੇ ਪਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਹਰਸਿਮਰਤ ਬਾਦਲ ਦਾ ਸਵਾਲ ਹੈ, ਉਸ ਨੇ ਫੇਸਬੁੱਕ ’ਤੇ ਵੀਡੀਓ ਅਪਲੋਡ ਕਰਕੇ ਸਪੱਸ਼ਟ ਸ਼ਬਦਾਂ ਵਿਚ ਖੇਤੀ ਆਰਡੀਨੈਂਸਾਂ ਦੀ ਹਮਾਇਤ ਕੀਤੀ, ਜਿਸ ਵਿਚ ਉਸ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਗਰਦਾਨਿਆ। ਸੱਤਾਧਾਰੀ ਬੈਂਚਾਂ ਵੱਲੋਂ ਲਾਏ ਜਾ ਰਹੇ ‘ਸ਼ਰਮ ਕਰੋ’ ਦੇ ਨਾਅਰਿਆਂ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਯੂ.ਟਰਨ ਲੈਣ ਤੋਂ ਪਹਿਲਾਂ ਅਕਾਲੀਆਂ ਨੇ ਕੇਂਦਰੀ ਕਾਨੂੰਨਾਂ ਦੇ ਖਿਲਾਫ਼ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਲਿਆਂਦੇ ਮਤੇ ਦਾ ਸਮਰਥਨ ਕੀਤਾ ਅਤੇ ਇਸ ਨੂੰ ਰਾਜਪਾਲ ਨੂੰ ਸੌਂਪਣ ਲਈ ਉਨ੍ਹਾਂ ਨਾਲ ਰਾਜ ਭਵਨ ਤੱਕ ਵੀ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀਆਂ ਹਰਦੀਪ ਪੁਰੀ ਅਤੇ ਸੋਮ ਪ੍ਰਕਾਸ਼ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਖੇਤੀ ਆਰਡੀਨੈਂਸ ਪਾਸ ਕਰਨ ਮੌਕੇ ਹਰਸਿਮਰਤ ਬਾਦਲ ਵੀ ਕੈਬਨਿਟ ਮੀਟਿੰਗ ਦਾ ਹਿੱਸਾ ਸੀ ਅਤੇ ਉਸ ਨੇ ਇਸ ’ਤੇ ਕੋਈ ਇਤਰਾਜ਼ ਵੀ ਨਹੀਂ ਸੀ ਕੀਤਾ।

Share