ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ‘ਕੋਵਾ ਪੰਜਾਬ’ ਮੋਬਾਈਲ ਐਪਲੀਕੇਸ਼ਨ ਲਾਂਚ

217
Share

ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)-ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ ਸਮੇਂ ਉਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਸਟੇਟ ਮੈਨੇਜਮੈਂਟ ਕੋਵਿਡ-19 ਗਰੁੱਪ ਦੀ ਉੱਚ ਪੱਧਰੀ ਮੀਟਿੰਗ ਵਿੱਚ ਮੋਬਾਈਲ ਐਪਲੀਕੇਸ਼ਨ ‘ਕੋਵਾ ਪੰਜਾਬ’ ਲਾਂਚ ਕੀਤੀ ਗਈ।
ਦੱਸਣਯੋਗ ਹੈ ਕਿ ਕੋਵਾ ਐਪ ਦਾ ਅਰਥ ਕੋਰੋਨਾ ਵਾਇਰਸ ਅਲਰਟ ਹੈ। ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ ਵੱਲੋਂ ਇਹ ਐਪ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਯਾਤਰਾ ਅਤੇ ਰੋਕਥਾਮ ਬਾਰੇ ਜਾਣਕਾਰੀ ਮੁਹੱਈਆ ਕਰਾਈ ਜਾ ਸਕੇ।
ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਸ ਐਪਲੀਕੇਸ਼ਨ ਰਾਹੀਂ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਇਸ ਬਿਮਾਰੀ ਬਾਰੇ ਅਤੇ ਇਸ ਤੋਂ ਬਚਾਅ ਲਈ ਇਹਤਿਆਤੀ ਤਰੀਕਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਜੇਕਰ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਇਹ ਐਪ ਨਾਗਰਿਕਾਂ ਨੂੰ ਜ਼ਿਲ੍ਹੇ ਦੇ ਨਜ਼ਦੀਕੀ ਹਸਪਤਾਲ ਅਤੇ ਨੋਡਲ ਅਫਸਰ ਬਾਰੇ ਵੀ ਜਾਣਕਾਰੀ ਮੁਹੱਈਆ ਕਰਾਏਗੀ।
ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਇਹ ਐਪ ਉਹ ਸਾਰੀ ਜਾਣਕਾਰੀ ਮੁਹੱਈਆ ਕਰਵਾਉਂਦੀ ਹੈ ਜਿਸ ਰਾਹੀਂ ਨਾਗਰਿਕ ਆਪਣੇ ਅਤੇ ਆਪਣੇ ਪਰਿਵਾਰ ਨੂੰ ਕੋਵਿਡ-19 (ਕੋਰੋਨਾ ਵਾਇਰਸ) ਤੋਂ ਬਚਾ ਸਕਣਗੇ। ਇਹ ਐਪ ਐਂਡਰਾਇਡ ਪਲੇਅ ਸਟੋਰ ਅਤੇ ਆਈਓਐਸ ਐਪਸਟੋਰ ਉਤੇ ਕੋਵਾ ਪੰਜਾਬ” ਨਾਂ ਦੇ ਨਾਲ ਉਪਲਬਧ ਹੈ। ਉਨ੍ਹਾਂ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਐਪ ਨੂੰ ਆਪਣੇ ਫੋਨਾਂ ਵਿੱਚ ਰੱਖਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੀਆਂ ਐਡਵਾਇਜ਼ਰੀਆਂ ਬਾਰੇ ਜਲਦੀ ਸੂਚਨਾ ਮਿਲ ਸਕੇ।
ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਇਸ ਐਪ ਰਾਹੀਂ ਸਰਕਾਰ ਵੱਲੋਂ ਨਾਗਰਿਕਾਂ ਨਾਲ ਸਮੇਂ ਸਮੇਂ ‘ਤੇ ਇਸ ਬਿਮਾਰੀ ਸਬੰਧੀ ਅਪਡੇਟਸ ਅਤੇ ਹਦਾਇਤਾਂ ਸਾਂਝੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਐਪ ਵਿੱਚ ਡਾਇਨਾਮਿਕ ਨਕਸ਼ੇ ਦੇ ਨਾਲ ਨਾਲ ਇਕ ਰੀਅਲ ਟਾਈਮ ਕਾਊਂਟਰ ਵੀ ਦਿੱਤਾ ਗਿਆ ਹੈ ਜਿਸ ਨਾਲ ਸੂਬੇ ਦੇ ਨਾਗਰਿਕਾਂ ਨੂੰ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਮਿਲਦੀ ਰਹੇਗੀ।


Share