ਬਹਿਬਲ ਕਾਂਡ; ਹਾਈਕੋਰਟ ਵੱਲੋਂ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਖਾਰਜ

553
Share

ਫ਼ਰੀਦਕੋਟ, 26 ਫਰਵਰੀ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਬਹਿਬਲ ਕਾਂਡ ‘ਚ ਨਾਮਜ਼ਦ ਪੁਲੀਸ ਅਧਿਕਾਰੀਆਂ ਦੀ ਉਹ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਵਿੱਚ ਪੁਲੀਸ ਅਧਿਕਾਰੀਆਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨਰਾਂ ਨੇ ਦਾਅਵਾ ਕੀਤਾ ਸੀ ਕਿ ਕਮਿਸ਼ਨ ਨੇ ਰਿਪੋਰਟ ਤਿਆਰ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਨਹੀਂ ਸੁਣਿਆ, ਜਿਸ ਕਰਕੇ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਸਕਦੀ। ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ ਜਸਟਿਸ ਨੇ ਕਿਹਾ ਕਿ ਬਹਿਬਲ ਕਾਂਡ ‘ਚ ਮੁਲਜ਼ਮਾਂ ਵਜੋਂ ਨਾਮਜ਼ਦ ਹੋਏ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੀ ਪਟੀਸ਼ਨ ਪਹਿਲਾਂ ਹੀ ਇਕਹਿਰੇ ਬੈਂਚ ਵੱਲੋਂ ਖਾਰਜ ਕਰ ਦਿੱਤੀ ਗਈ ਹੈ ਅਤੇ ਜੇਕਰ ਇਸ ਬੈਂਚ ਦੇ ਫੈਸਲੇ ‘ਤੇ ਪੁਲਿਸ ਅਧਿਕਾਰੀਆਂ ਨੂੰ ਇਤਰਾਜ਼ ਸੀ, ਤਾਂ ਉਨ੍ਹਾਂ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਚਾਹੀਦੀ ਸੀ। ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਦੀ ਇਸ ਪਟੀਸ਼ਨ ‘ਤੇ ਪਿਛਲੇ ਇੱਕ ਸਾਲ ਤੋਂ ਸੁਣਵਾਈ ਚੱਲ ਰਹੀ ਸੀ। ਦੱਸਣਯੋਗ ਹੈ ਕਿ ਬਹਿਬਲ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਦੋਸ਼ਪੱਤਰ ਅਦਾਲਤ ਸਾਹਮਣੇ ਪੇਸ਼ ਕਰ ਚੁੱਕੀ ਹੈ, ਜਿਸ ‘ਤੇ ਫ਼ਰੀਦਕੋਟ ਦੀ ਸੈਸ਼ਨ ਕੋਰਟ ਵਿਚ ਅਗਲੀ ਸੁਣਵਾਈ 7 ਮਾਰਚ ਨੂੰ ਹੋਣੀ ਹੈ। ਪੁਲਿਸ ਅਧਿਕਾਰੀਆਂ ਨੇ ਆਪਣੀ ਰਿੱਟ ‘ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।


Share