ਬਹਿਬਲ ਗੋਲੀ ਕਾਂਡ : ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਦਾਲਤ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ

120
Share

ਫ਼ਰੀਦਕੋਟ, 10 ਸਤੰਬਰ (ਪੰਜਾਬ ਮੇਲ)- ਬਹਿਬਲ ਗੋਲੀ ਕਾਂਡ ਦੀ ਸੁਣਵਾਈ ਕਰ ਰਹੀ ਅਦਾਲਤ ਨੇ ਆਦੇਸ਼ ਦਿੱਤੇ ਹਨ ਕਿ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਭਲਕੇ ਅਦਾਲਤ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ। ਭਲਕੇ ਅਦਾਲਤ ਨੇ ਬਹਿਬਲ ਗੋਲੀ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇਕ ਇੰਸਪੈਕਟਰ ਪ੍ਰਦੀਪ ਸਿੰਘ ਦੇ ਵਾਅਦਾ ਮੁਆਫ਼ ਗਵਾਹ ਬਣਨ ਮੁੱਦੇ ’ਤੇ ਫੈਸਲਾ ਕਰਨਾ ਹੈ। ਇਸ ਤੋਂ ਇਲਾਵਾ ਇੰਸਪੈਕਟਰ ਪ੍ਰਦੀਪ ਸਿੰਘ ਵੱਲੋਂ ਇਲਾਕਾ ਮੈਜਿਸਟਰੇਟ ਸਾਹਮਣੇ ਬਹਿਬਲ ਗੋਲੀ ਕਾਂਡ ਦੀ ਸੱਚਾਈ ਬਾਰੇ ਦਿੱਤੇ ਬਿਆਨ ਦੀ ਨਕਲ ਵੀ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪੀ ਜਾਣੀ ਹੈ। ਸੂਤਰਾਂ ਅਨੁਸਾਰ ਸ਼ਿਕਾਇਤ ਕਰਤਾ ਧਿਰ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਇੰਸਪੈਕਟਰ ਪ੍ਰਦੀਪ ਸਿੰਘ ਦੇ ਬਿਆਨ ਦੀ ਨਕਲ ਮੰਗੀ ਹੈ। ਇਸ ਤੋਂ ਇਲਾਵਾ ਹੋਰ ਧਿਰਾਂ ਨੇ ਵੀ ਅਦਾਲਤ ਵਿੱਚ ਅਰਜ਼ੀ ਦੇ ਕੇ ਬਿਆਨਾਂ ਦੀ ਨਕਲ ਜਾਰੀ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੇ ਪ੍ਰਦੀਪ ਸਿੰਘ ਦੇ ਵਾਅਦਾ ਮੁਆਫ਼ ਗਵਾਹ ਬਣਨ ਦਾ ਵਿਰੋਧ ਕੀਤਾ ਹੈ। ਬਹਿਬਲ ਗੋਲੀ ਕਾਂਡ ਵਿੱਚ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਕ੍ਰਿਸ਼ਨ ਭਗਵਾਨ ਦੇ ਭਰਾ ਰੇਸ਼ਮ ਸਿੰਘ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਉਸ ਦਾ ਪੱਖ ਸੁਣਨ ਦੀ ਮੰਗ ਕੀਤੀ ਹੈ। ਰੇਸ਼ਮ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਬਹਿਬਲ ਗੋਲੀ ਕਾਂਡ ਦਾ ਚਸ਼ਮਦੀਦ ਹੈ ਅਤੇ ਪੜਤਾਲ ਦੌਰਾਨ 25 ਅਗਸਤ 2017 ਨੂੰ ਪੁਲੀਸ ਨੇ ਉਸ ਦਾ ਬਿਆਨ ਵੀ ਲਿਖਿਆ ਸੀ ਪਰ ਪੁਲੀਸ ਨੇ ਉਸ ਨੂੰ ਮਾਮਲੇ ਵਿੱਚ ਗਵਾਹ ਵਜੋਂ ਸ਼ਾਮਿਲ ਨਹੀਂ ਕੀਤਾ। ਅਦਾਲਤ ਇਸ ਸਾਰੇ ਮਾਮਲੇ ਬਾਰੇ ਵੀਰਵਾਰ ਨੂੰ ਸਾਰੀਆਂ ਧਿਰਾਂ ਦਾ ਪੱਖ ਸੁਣੇਗੀ।


Share