ਬਾਦਲਾਂ ਦੇ ਰਾਜ ਵਿਚ ਸਰਗਰਮ ਰਹੇ ਨਸ਼ਾ ਤਸਕਰ ਹੁਣ ਕੈਪਟਨ ਦੀ ਰਹਿਨੁਮਾਈ ਹੇਠ ਸੂਬੇ ਵਿੱਚ ਕਰ ਰਹੇ ਹਨ ਨਸ਼ੇ ਦਾ ਧੰਦਾ- ਹਰਪਾਲ ਸਿੰਘ ਚੀਮਾ

70
Share

– ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਬਾਦਲਾਂ ਖ਼ਿਲਾਫ਼ ਨਸ਼ੇ ਦੇ ਮਾਮਲੇ ਵਿਚ ਕੋਈ ਕਾਰਵਾਈ ਨਾ ਕਰਨਾ ਕੈਪਟਨ ਦੀ ਸਭ ਤੋਂ ਵੱਡੀ ਨਾਕਾਮੀ
– ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਠੋਸ ਕਾਰਵਾਈ ਨਾ ਹੋਣਾ ਸਰਕਾਰ ਦੀ ਨਸ਼ਾ ਤਸਕਰਾਂ ਖ਼ਿਲਾਫ਼ ਦਿਆਨਤਦਾਰੀ ਦਾ ਪ੍ਰਮਾਣ
ਚੰਡੀਗੜ੍ਹ, 8 ਨਵੰਬਰ (ਪੰਜਾਬ ਮੇਲ)- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜੇ ਗਏ ਗੁਰਦੀਪ ਸਿੰਘ ਰਾਣੋ ਨਾਮਕ ਨਸ਼ਾ ਤਸਕਰ ਦੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਗੂੜ੍ਹੇ ਸਬੰਧਾਂ ਉੱਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਮਿਲੀਭੁਗਤ ਹੋਣ ਦਾ ਇਲਜ਼ਾਮ ਲਗਾਇਆ ਹੈ। ਪਾਰਟੀ ਹੈੱਡਕੁਆਟਰ ਤੋ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਚੀਮਾ ਨੇ ਕਿਹਾ ਕਿ ਇਹ ਨਸ਼ਾ ਤਸਕਰ ਪਹਿਲਾਂ ਅਕਾਲੀ ਸਰਕਾਰ ਵੇਲੇ ਉਸ ਸਮੇਂ ਦੇ ਆਗੂਆਂ ਦੀ ਸਰਪ੍ਰਸਤੀ ਹੇਠ ਕਾਰਜ ਕਰ ਰਹੇ ਸਨ ਅਤੇ ਸਰਕਾਰ ਬਦਲਣ ਤੋਂ ਬਾਅਦ ਹੁਣ ਕਾਂਗਰਸੀ ਆਗੂ ਇਨ੍ਹਾਂ ਨੂੰ ਪਨਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਣੂ ਕੋਲੋਂ ਫੜੇ ਗਏ ਭਾਰੀ ਮਾਤਰਾ ਵਿੱਚ ਨਸ਼ੇ, ਪੈਸੇ ਅਤੇ ਦਰਜਨਾਂ ਮਹਿੰਗੀਆਂ ਕਾਰਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਕੰਮ ਅਕਾਲੀ ਸਰਕਾਰ ਵਾਂਗੂੰ ਜਿਉਂ ਦਾ ਤਿਉਂ ਹੀ ਚੱਲ ਰਿਹਾ ਹੈ। ਮੌਜੂਦਾ ਸਰਕਾਰ ਉੱਤੇ ਸਵਾਲ ਖਡ਼੍ਹੇ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਇਹ ਸਪਸ਼ਟ ਕਰੇ ਕਿ ਅਜਿਹੇ ਨਸ਼ਾ ਤਸਕਰ ਨੂੰ ਸਰਕਾਰ ਨੇ ਕਿਸ ਆਧਾਰ ਤੇ ਪੁਲੀਸ ਦੀ ਸੁਰੱਖਿਆ ਪ੍ਰਦਾਨ ਕੀਤੀ ਹੋਈ ਸੀ।
ਕੈਪਟਨ ਅਮਰਿੰਦਰ ਸਿੰਘ ਦੁਆਰਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੱਥ ਵਿਚ ਸ੍ਰੀ ਗੁਟਕਾ ਸਾਹਿਬ ਫੜ ਕੇ ਪੰਜਾਬ ਵਿੱਚੋਂ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦੇ ਵਾਅਦੇ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਲਈ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ ਅਤੇ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਬਾਦਲਾਂ ਨੂੰ ਬਚਾਉਣ ਤੋਂ ਸਿਵਾ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਤੋਂ ਬਿਨਾਂ ਟਰਾਂਸਪੋਰਟ, ਰੇਤ ਅਤੇ ਹੋਰ ਅਨੇਕਾਂ ਕਿਸਮ ਦੇ ਮਾਫ਼ੀਏ ਹੁਣ ਵੀ ਅਕਾਲੀ ਅਤੇ ਕਾਂਗਰਸੀ ਨੇਤਾਵਾਂ ਵੱਲੋਂ ਇਕੱਠੇ ਚਲਾਏ ਜਾ ਰਹੇ ਹਨ ਜਿਸ ਤੋਂ ਪੰਜਾਬੀਆ ਦੁਆਰਾ ਸਮੇਂ ਸਮੇਂ ਤੇ ਉੱਠਾਏ ਜਾ ਰਹੇ ਸ਼ੰਕੇ ਕਿ ਅਕਾਲੀ ਅਤੇ ਕਾਂਗਰਸੀ ਮਿਲੇ ਹੋਏ ਹਨ ਦੀ ਪ੍ਰੋੜ੍ਹਤਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਨੌਜਵਾਨਾਂ ਦੀ ਜ਼ਿੰਦਗੀਆਂ ਤਬਾਹ ਕਰਨ ਲਈ ਕੈਪਟਨ ਤੇ ਬਾਦਲ ਪੰਜਾਬ ਦੇ ਲੋਕਾਂ ਦੇ ਦੋਸ਼ੀ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਫਾਰਮ ਹਾਊਸ ਵਿੱਚੋਂ ਬਾਹਰ ਨਿਕਲ ਕੇ ਪੰਜਾਬ ਦੇ ਧਰਾਤਲ ਓੁਤੇ ਚੱਲ ਰਹੇ ਮੁੱਦਿਆਂ ਦੀ ਜਾਣਕਾਰੀ ਲੈਣ ਦੀ ਸਲਾਹ ਦਿੱਤੀ।
ਮਾਝੇ ਦੇ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਠੋਸ ਕਾਰਵਾਈ ਨਾ ਕਰਨ ਉਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਕਾਂਗਰਸੀ ਆਗੂ ਨਾਜਾਇਜ਼ ਢੰਗ ਨਾਲ ਸ਼ਰਾਬ ਦੀ ਸਪਲਾਈ ਦਾ ਕਾਰਜ ਕਰ ਰਹੇ ਹਨ ਜਿਸ ਕਾਰਨ ਸਰਕਾਰ ਨਕਲੀ ਸ਼ਰਾਬ ਬਣਾਉਣ ਵਾਲਿਆਂ ਉਤੇ ਮਿਹਰਬਾਨ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਨਸ਼ੇ ਦੇ ਨਾਲ-ਨਾਲ ਪੰਜਾਬ ਦੀ ਕਾਨੂੰਨ ਅਤੇ ਨਿਆਂ ਵਿਵਸਥਾ ਵੀ ਡਗਮਗਾ ਚੁੱਕੀ ਹੈ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਆਪਣੀ ਸ਼ਾਹੀ ਠਾਠ-ਬਾਠ ਵਿੱਚ ਪੰਜਾਬ ਦੇ ਲੋਕਾਂ ਦਾ ਪੈਸਾ ਉਡਾਓੁਣ ਵਿੱਚ ਮਸ਼ਰੂਫ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੰਜਾਬ ਵਿਚ ਨਸ਼ੇ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਸ਼ੇ ਨੂੰ ਨੱਥ ਪਾਵੇ ਅਤੇ ਪਿਛਲੀ ਅਕਾਲੀ ਸਰਕਾਰ ਦੌਰਾਨ ਨਸ਼ੇ ਦਾ ਵਪਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ।


Share