ਬਾਦਲ ਨੂੰ ਸਿਰੋਪਾਓ ਨਾ ਦੇਣ ਵਾਲੇ ਅਰਦਾਸੀਏ ਭਾਈ ਬਲਵੀਰ ਸਿੰਘ ਹੁਣ ਨੌਕਰੀ ਦੀ ਬਹਾਲੀ ਲਈ ਖੜਕਾਉਣਗੇ ਹਾਈਕੋਰਟ ਦਾ ਦਰਵਾਜ਼ਾ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਮੇਲ)- ਤਿੰਨ ਜੂਨ 2016 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਨਾ ਦੇਣ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਬਲਵੀਰ ਸਿੰਘ ਹੁਣ ਨੌਕਰੀ ਦੀ ਬਹਾਲੀ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਅੱਜ ਉਨ੍ਹਾਂ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਨਾ ਤਾਂ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਨਾ ਹੀ ਕਿਸੇ ਹੋਰ ਕਿਸੇ ਨੂੰ ਨੌਕਰੀ ‘ਤੇ ਹਾਜ਼ਰ ਹੋਣ ਲਈ ਕਹਿਣਗੇ ਸਗੋਂ ਆਪਣੀ ਲੜਾਈ ਨੂੰ ਕਾਨੂੰਨੀ ਅਖਤਿਆਰ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਬਾਦਲ ਨੂੰ ਸਿਰੋਪਾਓ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤਾਂ ਉਨ੍ਹਾਂ ਦੀ ਬਦਲੀ ਉਸ ਸਮੇਂ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਮਾਛੀਵਾੜਾ ਕਰ ਦਿੱਤੀ ਪਰ ਉਹ ਉਥੇ ਹਾਜ਼ਰ ਨਹੀਂ ਸਨ ਹੋਏ। ਉਨ੍ਹਾਂ ਨੇ ਦੋ ਮਹੀਨੇ ਦੀ ਛੁੱਟੀ ਲੈ ਲਈ। ਮੌਜੂਦਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜਾਂਚ ਪੜਤਾਲ ਉਪਰੰਤ ਉਨ੍ਹਾਂ ਨੂੰ ਮੁੜ ਬਤੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਦੇ ਤੌਰ ‘ਤੇ ਹਾਜ਼ਰ ਹੋਣ ਦੇ ਹੁਕਮ ਜਾਰੀ ਕਰ ਦਿੱਤੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਹੁਕਮਾਂ ਨੂੰ ਦਰਬਾਰ ਸਾਹਿਬ ਦੇ ਮੈਨੇਜਰ ਨੇ ਅਮਲੀ ਰੂਪ ਨਹੀਂ ਹੋਣ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹੁਣ ਉਹ ਸ਼੍ਰੋਮਣੀ ਕਮੇਟੀ ਦੇ ਖਿਲਾਫ ਨਹੀਂ ਬੋਲਣਗੇ ਸਿਰਫ ਦਰਬਾਰ ਸਾਹਿਬ ਦੇ ਮੈਨੇਜਰ ਭੰਗਾਲੀ ਦੇ ਵਿਰੁੱਧ ਹਾਈਕੋਰਟ ਜਾਣਗੇ।