ਬੇਦਅਬੀ ਕਾਂਡ: ਹਾਈ ਕੋਰਟ ਵੱਲੋਂ ਡੀ.ਆਈ.ਜੀ. ਖੱਟੜਾ ਨੂੰ ਵਿਸ਼ੇਸ਼ ਜਾਂਚ ਟੀਮ ’ਚੋਂ ਬਾਹਰ ਕਰਨ ਦੇ ਆਦੇਸ਼

67
Share

ਫ਼ਰੀਦਕੋਟ, 6 ਜਨਵਰੀ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਚੇਅਰਮੈਨ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੂੰ ਇਸ ’ਚੋਂ ਬਾਹਰ ਕਰਨ ਅਤੇ ਉਨ੍ਹਾਂ ਦੀ ਥਾਂ ਕਿਸੇ ਹੋਰ ਸਮਰੱਥ ਅਧਿਕਾਰੀ ਨੂੰ ਨਿਯੁਕਤ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਪੰਜਾਬ ਪੁਲਿਸ ਨੂੰ ਸੌਂਪਦਿਆਂ ਇਹ ਆਦੇਸ਼ ਦਿੱਤੇ ਗਏ ਹਨ।
ਡੇਰਾ ਪ੍ਰੇਮੀਆਂ ਨੇ ਡੀ.ਆਈ.ਜੀ. ਖੱਟੜਾ ’ਤੇ ਜਾਂਚ ਦੌਰਾਨ ਪੱਖਪਾਤ ਦੇ ਦੋਸ਼ ਲਾਏ ਸਨ। ਜਸਟਿਸ ਅਨਮੋਲ ਰਤਨ ਸਿੰਘ ਨੇ ਆਪਣੇ 43 ਸਫ਼ਿਆਂ ਦੇ ਹੁਕਮ ’ਚ ਸਪੱਸ਼ਟ ਕੀਤਾ ਕਿ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਦੀ ਪੜਤਾਲ ਕਰ ਰਹੀ ਜਾਂਚ ਟੀਮ ਵਿਚ ਆਈ.ਪੀ.ਐੱਸ. ਅਧਿਕਾਰੀ ਆਰ.ਐੱਸ. ਖੱਟੜਾ ਨੂੰ ਸ਼ਾਮਲ ਨਾ ਕੀਤਾ ਜਾਵੇ। ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਨੂੰ ਫ਼ਰੀਦਕੋਟ ਜ਼ਿਲ੍ਹੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਰਿਕਾਰਡ ਫ਼ਰੀਦਕੋਟ ਅਦਾਲਤ ਨੂੰ ਭੇਜਣ ਦੇ ਵੀ ਆਦੇਸ਼ ਦਿੱਤੇ ਗਏ ਹਨ। ਹਾਈਕੋਰਟ ਨੇ ਬੇਅਦਬੀ ਕਾਂਡ ਸਬੰਧੀ ਸੀ.ਬੀ.ਆਈ. ਕੋਰਟ ਮੁਹਾਲੀ ’ਚ 25 ਜਨਵਰੀ 2019 ਮਗਰੋਂ ਦੀ ਕਿਸੇ ਵੀ ਕਾਰਵਾਈ ਨੂੰ ਮਾਨਤਾ ਨਾ ਦੇਣ ਲਈ ਵੀ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ 22 ਅਪਰੈਲ ਨੂੰ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ’ਚ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਸੀ। ਇਸ ਟੀਮ ਨੇ ਪਹਿਲੀ ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, 24 ਸਤੰਬਰ ਨੂੰ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ’ਚ ਖਿਲਾਰਨ ਅਤੇ 12 ਅਕਤੂਬਰ ਨੂੰ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲਿਆਂ ਦੀ ਪੜਤਾਲ ਕਰਨੀ ਸੀ। ਸ਼੍ਰੀ ਖੱਟੜਾ ਦੀ ਅਗਵਾਈ ਵਾਲੀ ਟੀਮ ਨੇ 13 ਮਹੀਨਿਆਂ ਦੀ ਪੜਤਾਲ ਮਗਰੋਂ ਗੁਰੂ ਗ੍ਰੰਥ ਸਾਹਿਬ ਚੋਰੀ ਹੋਣ ਦੇ ਮਾਮਲੇ ’ਚ ਪਿਛਲੇ ਸਾਲ 6 ਜੁਲਾਈ ਨੂੰ 11 ਵਿਅਕਤੀਆਂ ਖਿਲਾਫ਼ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ ਸੀ, ਜਿਸ ਵਿਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਮ ਵੀ ਮੁਲਜ਼ਮ ਵਜੋਂ ਨਾਮਜ਼ਦ ਸੀ।


Share