ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਚੋਣਾਂ ਵਾਲੇ ਸੂਬਿਆਂ ਦੇ ਲੋਕਾਂ ਨੂੰ ਪਾਰਟੀ ਨੂੰ ਹਰਾਉਣ ਦਾ ਸੱਦਾ

77
Share

ਨਵੀਂ ਦਿੱਲੀ, 3 ਮਾਰਚ (ਪੰਜਾਬ ਮੇਲ) -ਕੇਂਦਰ ਦੇ 3 ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਜਾਰੀ ਸੰਘਰਸ਼ ਦੇ 97ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਵਲੋਂ ਸਿੰਘੂ ਬਾਰਡਰ ਵਿਖੇ ਕੀਤੀ ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ਲਈ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਇਸ ਦੌਰਾਨ ਕਿਸਾਨ ਮੋਰਚੇ ਵਲੋਂ ਚੋਣਾਂ ਵਾਲੇ ਸੂਬਿਆਂ ਦੇ ਲੋਕਾਂ ਨੂੰ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵਿਰੋਧ ਪ੍ਰਗਟਾਉਣ ਲਈ ਪਾਰਟੀ ਨੂੰ ਹਰਾਉਣ ਦਾ ਸੱਦਾ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕਿਸਾਨਾਂ ਦੇ ਨੁਮਾਇੰਦੇ ਚੋਣਾਂ ਵਾਲੇ ਸੂਬਿਆਂ ਦਾ ਦੌਰਾ ਕਰਨਗੇ ਤੇ ਉਥੇ ਵੱਖ-ਵੱਖ ਪ੍ਰੋਗਰਾਮਾਂ ’ਚ ਹਿੱਸਾ ਵੀ ਲੈਣਗੇ ਪਰ ਕਿਸੇ ਵੀ ਪਾਰਟੀ ਲਈ ਵੋਟਾਂ ਨਹੀਂ ਮੰਗਣਗੇ। ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਭਾਰਤ ’ਚ ਇਕ ‘ਐਮ.ਐਸ.ਪੀ. ਦਿਵਾਓ ਮੁਹਿੰਮ’ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਬਾਜ਼ਾਰਾਂ ’ਚ ਕਿਸਾਨਾਂ ਦੀਆਂ ਫ਼ਸਲਾਂ ਦੀਆਂ ਕੀਮਤਾਂ ਦੀ ਖੋਜ ਦੀ ਹਕੀਕਤ ਨੂੰ ਪ੍ਰਦਰਸ਼ਿਤ ਕਰਕੇ ਮੋਦੀ ਸਰਕਾਰ ਨੂੰ ਉਸ ਦੇ ਐੱਮ.ਐੱਸ.ਪੀ. ਦੇ ਵਾਅਦਿਆਂ ਦੀ ਅਸਲੀਅਤ ਯਾਦ ਕਰਵਾਈ ਜਾਵੇਗੀ। ਇਸ ਦੌਰਾਨ ਕਿਸਾਨ ਨੇਤਾਵਾਂ ਵਲੋਂ ਦੱਸਿਆ ਜਾਵੇਗਾ ਕਿ ਵੱਖ-ਵੱਖ ਫ਼ਸਲਾਂ ’ਤੇ ਕਿਸਾਨਾਂ ਨੂੰ ਐੱਮ.ਐੱਸ.ਪੀ. ਨਾਲੋਂ 1000 ਰੁਪਏ ਘੱਟ ਮਿਲ ਰਹੇ ਹਨ। ਇਸ ਮੁਹਿੰਮ ਦੀ ਸ਼ੁਰੂਆਤ ਦੱਖਣੀ ਭਾਰਤ ਦੇ ਕਰਨਾਟਕ, ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਦੇ ਸੂਬਿਆਂ ਤੋਂ ਕੀਤੀ ਜਾ ਰਹੀ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ 6 ਮਾਰਚ ਨੂੰ 100 ਦਿਨ ਹੋ ਜਾਣਗੇ, ਉਸ ਦਿਨ ਕੇ.ਐੱਮ.ਪੀ. (ਵੈਸਟਰਨ ਪੇਰੀਫੇਰਲ) ਐਕਸਪ੍ਰੈੱਸ ਵੇਅ ’ਤੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ 5 ਘੰਟੇ ਲਈ ਨਾਕਾਬੰਦੀ ਕੀਤੀ ਜਾਵੇਗੀ ਤੇ ਇਥੋਂ ਦੇ ਟੋਲ ਪਲਾਜ਼ੇ ਵੀ ਟੋਲ ਫੀਸਾਂ ਇਕੱਤਰ ਕਰਨ ਤੋਂ ਮੁਕਤ ਕਰਵਾਏ ਜਾਣਗੇ। ਸੰਯੁਕਤ ਕਿਸਾਨ ਮੋਰਚੇ ਵਲੋਂ ਉਸ ਦਿਨ ਭਾਰਤ ਦੇ ਬਾਕੀ ਹਿੱਸਿਆਂ ’ਚ ਅੰਦੋਲਨ ਦੇ ਸਮਰਥਨ ਤੇ ਸਰਕਾਰ ਖ਼ਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ ਘਰਾਂ ਤੇ ਦਫ਼ਤਰਾਂ ’ਤੇ ਕਾਲੇ ਝੰਡੇ ਝੁਲਾਉਣ ਅਤੇ ਪ੍ਰਦਰਸ਼ਨਕਾਰੀਆਂ ਨੂੰ ਕਾਲੀਆਂ ਪੱਟੀਆਂ ਬੰਨ੍ਹਕੇ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਮੋਰਚੇ ਵਲੋਂ 8 ਮਾਰਚ ਨੂੰ ਮਹਿਲਾ ਕਿਸਾਨ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਇਸ ਦਿਨ ਦੇਸ਼ ਭਰ ’ਚ ਪ੍ਰਦਰਸ਼ਨ ਸਥਾਨਾਂ ’ਤੇ ਔਰਤਾਂ ਦੀ ਵਧੇਰੇ ਭਾਗੀਦਾਰੀ ਦੇਖਣ ਨੂੰ ਮਿਲੇਗੀ, ਜਿਸ ਦੌਰਾਨ ਔਰਤਾਂ ਹੀ ਸਮੁੱਚੇ ਪ੍ਰੋਗਰਾਮਾਂ ਦਾ ਪ੍ਰਬੰਧਨ ਕਰਨਗੀਆਂ ਤੇ ਬੁਲਾਰਾ ਵੀ ਹੋਣਗੀਆਂ।


Share