‘ਮੀਨਾਕਾਰੀ ਦੀ ਆੜ ‘ਚ ਦਰਬਾਰ ਸਾਹਿਬ ‘ਚ ਬਣ ਰਹੀਆਂ ਨੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ’

ਐੱਸ.ਏ.ਐੱਸ. ਨਗਰ (ਮੋਹਾਲੀ), 19 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਅਤੇ ਸਿੰਘ ਸਭਾ ਪੰਜਾਬ ਦੇ ਕਨਵੀਨਰ ਭਾਈ ਹਰਦੀਪ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਚ ਮੀਨਾਕਾਰੀ ਤੇ ਚਿੱਤਰਕਾਰੀ ਦੀ ਆੜ ‘ਚ ਦੇਵੀ-ਦੇਵਤਿਆਂ ਅਤੇ ਇਨਸਾਨਾਂ ਦੀਆਂ ਤਸਵੀਰਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਸਿੱਖ ਕੌਮ ਨੂੰ ਜਵਾਬ ਦੇਣਾ ਚਾਹੀਦਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਦੇ ਕਾਰੇ ਸਿੱਖੀ ਵਿਰੋਧੀ ਅਤੇ ਪੰਥ ਮਾਰੂ ਹਨ। ਸਾਂਭ-ਸੰਭਾਲ ਦੇ ਨਾਂ ‘ਤੇ ਵੇਲ ਬੂਟਿਆਂ ਵਾਲੀ ਚਿੱਤਰਕਾਰੀ ਨਾਲ ਛੇੜਛਾੜ ਕਰ ਕੇ ਸਿੱਖ ਸਿਧਾਂਤਾਂ ਨੂੰ ਖੋਰਾ ਲਾਇਆ ਜਾ ਰਿਹਾ ਹੈ। ਸਿੰਘ ਸਭਾ ਪੰਜਾਬ ਨੇ ਮਤਾ ਪਾਸ ਕਰ ਕੇ ਦਰਬਾਰ ਸਾਹਿਬ ਵਿਚ ਦੇਵੀ-ਦੇਵਤਿਆਂ ਦੇ ਚਿੱਤਰ ਬਣਾਉਣ ਦੀ ਕਾਰਵਾਈ ਤੁਰੰਤ ਰੋਕਣ ਅਤੇ ਬਣਾਏ ਗਏ ਚਿੱਤਰ ਪੂਰਨ ਤੌਰ ‘ਤੇ ਖ਼ਤਮ ਕਰਨ ਦੀ ਮੰਗ ਕੀਤੀ ਹੈ। ਹਰਦੀਪ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਸਿੱਖ ਵਿਰੋਧੀ ਤਾਕਤਾਂ ਸ਼੍ਰੋਮਣੀ ਸਿੱਖ ਸੰਸਥਾਵਾਂ ਉੱਤੇ ਕਾਬਜ਼ ਹੋ ਚੁੱਕੀਆਂ ਹਨ। ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਦੇ ਇਤਿਹਾਸਕ ਦਰਵਾਜ਼ੇ ਮੁਰੰਮਤ ਬਹਾਨੇ ਉਤਾਰੇ ਗਏ ਤੇ ਅੱਜ ਤੱਕ ਨਹੀਂ ਲਾਏ ਗਏ।
ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਸੁੰਦਰੀਕਰਨ ਦੇ ਨਾਂ ‘ਤੇ ਸਮਾਧਾਂ ਤੇ ਸਿੱਖ ਸਿਧਾਂਤਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਉਭਾਰਿਆ ਜਾ ਰਿਹਾ ਹੈ। ਕੇਂਦਰੀ ਸਿੱਖ ਅਸਥਾਨ ਸ੍ਰੀ ਦਰਬਾਰ ਸਾਹਿਬ ਦਾ ਨਾਂ ਗੋਲਡਨ ਟੈਂਪਲ ਅਤੇ ਸਵਰਨ ਮੰਦਰ ਵਜੋਂ ਉਭਾਰਿਆ ਜਾ ਰਿਹਾ ਹੈ, ਜਦਕਿ ਮਾਲ ਮਹਿਕਮੇ ਦੇ ਰਿਕਾਰਡ ਵਿਚ ਨਾਂ ਕੇਵਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਰਜ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਨੂੰ ਟੈਂਪਲ ਅਤੇ ਮੰਦਰ ਨਾ ਕਹਿਣ ਦੇ ਮਤੇ ਬਕਾਇਦਾ ਪਾਸ ਕੀਤੇ ਹੋਏ ਹਨ, ਜਿਨ੍ਹਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਸ ਸਬੰਧੀ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੱਖ ਜਾਣਨ ਲਈ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨਾਲ ਸੰਪਰਕ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਇਸ ਮਗਰੋਂ ਜਥੇਦਾਰ ਨੂੰ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਸੰਦੇਸ਼ ਵੀ ਭੇਜਿਆ ਗਿਆ ਪਰ ਉਨ੍ਹਾਂ ਨੇ ਗੱਲ ਨਹੀਂ ਕੀਤੀ।
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੇ ਦਫ਼ਤਰ ‘ਚੋਂ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਨੰਬਰ ਦਿੱਤਾ ਗਿਆ। ਜਦੋਂ ਹੈੱਡ ਗ੍ਰੰਥੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਪੀ.ਏ. ਮਹਿੰਦਰ ਸਿੰਘ ਨੇ ਫੋਨ ਚੁੱਕਿਆ। ਉਨ੍ਹਾਂ ਦੇ ਦੱਸਣ ਮੁਤਾਬਕ ਹੈੱਡ ਗ੍ਰੰਥੀ ਕਿਸੇ ਜ਼ਰੂਰੀ ਮੀਟਿੰਗ ਵਿਚ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀ ਪੁਰਾਣੀ ਮੀਨਾਕਾਰੀ ਦੀ ਮੁਰੰਮਤ ਕੀਤੀ ਜਾ ਰਹੀ ਹੈ, ਜੋ ਬਹੁਤ ਸੰਘਣੀ ਹੈ। ਉਂਜ ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੁਝ ਚਿੱਤਰ ਦੇਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਬਾਬਾ ਅਟੱਲ ਰਾਏ ਸਾਹਿਬ ਦੀ 9 ਮੰਜ਼ਲਾ ਇਮਾਰਤ ‘ਤੇ ਸਾਧੂਆਂ ਅਤੇ ਮਹੰਤਾਂ ਦੇ ਚਿੱਤਰਾਂ ਦੀ ਮੀਨਾਕਾਰੀ ਹੈ।
There are no comments at the moment, do you want to add one?
Write a comment