ਮੁਲਤਾਨੀ ਅਗਵਾ ਕਾਂਡ: ਮੁਹਾਲੀ ਅਦਾਲਤ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ

453
Share

ਐੱਸਏਐੱਸ ਨਗਰ (ਮੁਹਾਲੀ), 1 ਸਤੰਬਰ ()- ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਕੁੱਝ ਦਿਨ ਪਹਿਲਾਂ ਸੈਣੀ ਨੇ ਆਪਣੇ ਵਕੀਲ ਏਪੀਐੱਸ ਦਿਓਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ। ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ, ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖਿਲਾਫ਼ ਗੰਭੀਰ ਦੋਸ਼ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿੱਚ ਮੁਲਜ਼ਮ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ‘ਤੇ ਗੌਰ ਕਰਦਿਆਂ ਸਾਬਕਾ ਡੀਜੀਪੀ ਸੈਣੀ ਦੀ ਜ਼ਮਾਨਤ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ। ਹੁਣ ਸੈਣੀ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਮੁਹਾਲੀ ਅਤੇ ਸਿੱਟ ਦੇ ਮੈਂਬਰਾਂ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸਿਰਜੋੜ ਕੇ ਸਾਂਝੇ ਯਤਨ ਕਰਨ ਲਈ ਵਿਊਂਤਬੰਦੀ ਕੀਤੀ ਗਈ। ਜਲਦੀ ਦੀ ਛਾਪੇਮਾਰੀ ਕੀਤੀ ਜਾ ਸਕਦੀ ਹੈ।


Share