ਮੁਲਤਾਨੀ ਅਗਵਾ ਮਾਮਲਾ; ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਲਾਈ ਆਰਜ਼ੀ ਰੋਕ

20
Share

ਐੱਸ.ਏ.ਐੱਸ. ਨਗਰ (ਮੁਹਾਲੀ), 16 ਸਤੰਬਰ (ਪੰਜਾਬ ਮੇਲ)- ਦੇਸ਼ ਦੀ ਸਰਵਉੱਚ ਅਦਾਲਤ ਨੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇ.ਈ.) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਦਭਰੀ ਹਾਲਤ ‘ਚ ਲਾਪਤਾ ਕਰਨ ਦੇ ਮਾਮਲੇ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ‘ਤੇ ਫ਼ਿਲਹਾਲ ਆਰਜ਼ੀ ਰੋਕ ਲਗਾ ਦਿੱਤੀ ਹੈ। ਸੈਣੀ ਨੂੰ ਵੀ ਪੁਲਿਸ ਜਾਂਚ ‘ਚ ਸਹਿਯੋਗ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਸੂਬਾ ਸਰਕਾਰ ਨੂੰ ਤਿੰਨ ਹਫ਼ਤਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਸਰਕਾਰੀ ਵਕੀਲ ਅਨੁਸਾਰ ਸਰਕਾਰ ਦੀ ਲਿਖਤੀ ਸਟੇਟਮੈਂਟ ਮਗਰੋਂ ਚੌਥੇ ਹਫ਼ਤੇ ਬਚਾਅ ਪੱਖ ਆਪਣਾ ਜਵਾਬ ਦੇਵੇਗਾ। ਸੁਪਰੀਮ ਕੋਰਟ ‘ਚ ਅਗਲੀ ਸੁਣਵਾਈ 27 ਅਕਤੂਬਰ ਨੂੰ ਹੋਵੇਗੀ। ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈੱਡੀ ਅਤੇ ਜਸਟਿਸ ਐੱਮ.ਆਰ. ਸ਼ਾਹ ‘ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਵੀਡੀਓ ਕਾਨਫਰੰਸ ਰਾਹੀਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਸੈਣੀ ਨੇ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਰਾਹੀਂ ਬੀਤੀ 7 ਸਤੰਬਰ ਨੂੰ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਸਾਬਕਾ ਡੀ.ਜੀ.ਪੀ. ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ ਸੀ।


Share