ਮੁਲਤਾਨੀ ਅਗਵਾ ਮਾਮਲਾ: ਸੁਮੇਧ ਸੈਣੀ ਦੇ ਚਹੇਤੇ ਸਾਬਕਾ ਪੁਲਿਸ ਅਧਿਕਾਰੀ ਬਣੇ ਵਾਅਦਾ ਮੁਆਫ ਗਵਾਹ

257
Share

ਮੁਲਤਾਨੀ ਨੂੰ ਘਰੋਂ ਚੁੱਕ ਕੇ ਬੇਤਹਾਸ਼ਾ ਤੱਸ਼ਦਦ ਢਾਹੁਣ ਤੇ ਨੌਜਵਾਨ ਦੀ ਮੌਤ ਬਾਅਦ ਕਾਦੀਆਂ ‘ਚ ਝੂਠਾ ਕੇਸ ਦਰਜ ਕਰਨ ਦਾ ਕੀਤਾ ਖੁਲਾਸਾ
ਐੱਸ.ਏ.ਐੱਸ. ਨਗਰ (ਮੁਹਾਲੀ), 19 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਆਈ.ਏ.ਐੱਸ. ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇ.ਈ.) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀਆਂ ਲਗਾਤਾਰ ਮੁਸ਼ਕਲਾਂ ਵਧ ਗਈਆਂ। ਮੁਹਾਲੀ ਅਦਾਲਤ ਨੇ ਸੈਣੀ ਦੇ ਚਹੇਤੇ ਯੂ.ਟੀ. ਪੁਲਿਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ। ਇਨ੍ਹਾਂ ਦੋਵਾਂ ਨੇ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ ਸਿੰਘ ਦੀ ਅਦਾਲਤ ‘ਚ ਆਪਣੇ ਬਿਆਨ ਦਰਜ ਕਰਵਾਏ। ਉਨ੍ਹਾਂ ਆਪਣੇ ਬਿਆਨਾਂ ਵਿਚ ਪੂਰੇ ਘਟਨਾਕ੍ਰਮ ‘ਤੇ ਰੌਸ਼ਨੀ ਪਾਉਂਦਿਆਂ ਅਦਾਲਤ ਨੂੰ ਦੱਸਿਆ ਕਿ 1991 ‘ਚ ਸੈਣੀ ਦੇ ਕਾਫ਼ਲੇ ‘ਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਇਸ ਦੌਰਾਨ ਸੈਣੀ ‘ਤੇ ਕਹਿਣ ‘ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ 17 ਦੇ ਥਾਣੇ ਵਿਚ ਲਿਆਂਦਾ ਗਿਆ, ਜਿਥੇ ਉਨ੍ਹਾਂ ਉੱਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਮੁਲਤਾਨੀ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਟਿਕਾਣੇ ਲਗਾਇਆ ਗਿਆ ਅਤੇ ਪੁਲਿਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਕਾਦੀਆਂ ਥਾਣੇ ਵਿਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲਿਸ ਹਿਰਾਸਤ ‘ਚੋਂ ਭੱਜ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਵਿਚ ਵੀ ਡੀ.ਡੀ.ਆਰ. ਦਰਜ ਕੀਤੀ ਗਈ। ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਸਮੇਤ 6 ਮੁਲਜ਼ਮਾਂ ਐੱਸ.ਪੀ. ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ‘ਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸ.ਪੀ. ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ‘ਤੇ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈ.ਏ.ਐੱਸ. ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ‘ਚ ਗਾਇਬ ਕਰ ਦੇਣ ਦਾ ਦੋਸ਼ ਹੈ।


Share