ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ

119
Share

ਐੱਸਏਐੱਸ ਨਗਰ (ਮੁਹਾਲੀ), 10 ਸਤੰਬਰ (ਪੰਜਾਬ ਮੇਲ)-  ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹਾਈ ਕੋਰਟ ਦੇ ਜੱਜ ਜਸਟਿਸ ਫਤਿਹਦੀਪ ਸਿੰਘ ਦੀ ਅਗਵਾਈ ਵਾਲੇ ਸਿੰਗਲ ਬੈਂਚ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਜ਼ਿਲ੍ਹਾ ਮੁਹਾਲੀ ਅਦਾਲਤ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਸੀ। ਪਤਾ ਲੱਗਾ ਹੈ ਕਿ ਮੁਹਾਲੀ ਪੁਲੀਸ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸੱਤ ਟੀਮਾਂ ਬਣਾਈਆਂ ਹਨ ਤੇ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।


Share