ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦਾ ਇਜਲਾਸ 27 ਤੋਂ 29 ਨਵੰਬਰ ਤੱਕ ਸੱਦਣ ਦਾ ਫੈਸਲਾ

ਸਰਕਾਰੀ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਵੱਲੋਂ ਹਰੇਕ ਬੁੱਧਵਾਰ ਮੀਟਿੰਗ ਕਰਨ ਦਾ ਫੈਸਲਾ
ਚੰਡੀਗੜ੍ਹ, 17 ਨਵੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਸਰਦ ਰੁੱਤ ਇਜਲਾਸ 27 ਨਵੰਬਰ ਤੋਂ 29 ਨਵੰਬਰ, 2017 ਤੱਕ ਹੋਵੇਗਾ।
ਇਹ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਮੰਤਰੀ ਮੰਡਲ ਵੱਲੋਂ ਹਰੇਕ ਬੁੱਧਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਮਿਲਣ ‘ਤੇ ਸਹਿਮਤੀ ਜ਼ਾਹਰ ਕੀਤੀ ਗਈ ਤਾਂ ਕਿ ਸਰਕਾਰ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰ ਕਦਮਾਂ ਨੂੰ ਹੁਲਾਰਾ ਦਿੱਤਾ ਜਾ ਸਕੇ।
ਮੰਤਰੀ ਮੰਡਲ ਦੇ ਇਸ ਫੈਸਲੇ ਨਾਲ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ 15ਵੀਂ ਵਿਧਾਨ ਸਭਾ ਦੇ ਤੀਜਾ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਅੱਜ ਦੀ ਮੀਟਿੰਗ ‘ਚ ਮੰਤਰੀ ਮੰਡਲ ਨੇ ਸੂਬੇ ਵਿੱਚ ਝੋਨੇ ਦੀ ਰਿਕਾਰਡਤੋੜ ਪੈਦਾਵਾਰ ਦੇ ਬਾਵਜੂਦ ਝੋਨੇ ਦੀ ਨਿਰਵਿਘਨ ਖਰੀਦ ਕੀਤੇ ਜਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ। ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਸੂਬੇ ਵਿੱਚ ਬਾਸਮਤੀ ਦੀ ਪੈਦਾਵਾਰ ਵੀ 60 ਫੀਸਦੀ ਦੇ ਲਗਪਗ ਵੱਧ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਖਰੀਦ ਕਾਰਜਾਂ ਵਿੱਚ ਪੁਖਤਾ ਇੰਤਜ਼ਾਮ ਕਰਨ ਲਈ ਸਬੰਧਤ ਵਿਭਾਗ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਨਿੱਗਰ ਉਪਰਾਲਿਆਂ ਨਾਲ ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਪੈਰਾ-ਸਿਰ ਕਰਨ ਅਤੇ ਸੰਕਟ ਵਿੱਚ ਡੁੱਬੇ ਕਿਸਾਨਾਂ ਨੂੰ ਮਦਦ ਮਿਲੇਗੀ।