ਰੇਲ ਸੇਵਾ ਦੀ ਬਹਾਲੀ ਲਈ ਪੰਜਾਬ ਦੇ ਸੰਸਦ ਮੈਂਬਰਾਂ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ

60
Share

ਨਵੀਂ ਦਿੱਲੀ, 7 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਸੰਸਦ ਮੈਂਬਰਾਂ ਦੇ ਵਫ਼ਦ ਨੇ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਰਾਜ ਵਿਚ ਰੇਲ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। 24 ਸਤੰਬਰ ਤੋਂ ਰਾਜ ਵਿਚ ਰੇਲਗੱਡੀਆਂ ਦੀਆਂ ਸੇਵਾਵਾਂ ਬੰਦ ਹਨ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਦੀ ਮੌਜੂਦਾ ਸਥਿਤੀ ਅਤੇ ਰੇਲ ਸੇਵਾਵਾਂ ਦੀ ਬੰਦ ਹੋਣ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਾਇਆ। ਰੇਲ ਮੰਤਰੀ ਪੀਯੂਸ਼ ਗੋਇਲ ਵੀ ਮੀਟਿੰਗ ‘ਚ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਰੇਲ ਸੇਵਾਵਾਂ ਜਲਦੀ ਮੁੜ ਚਾਲੂ ਹੋ ਜਾਵੇਗੀ। ਉਨ੍ਹਾਂ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਹੁਣ ਰੇਲਵੇ ਮੰਤਰਾਲੇ ਨਾਲ ਵਿਚਾਰ-ਵਟਾਂਦਰੇ ਕਰੇਗੀ। ਇਕ ਹੋਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਵਫ਼ਦ ਨੇ ਸ਼੍ਰੀ ਸ਼ਾਹ ਨੂੰ ਸਾਰੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਭਰੋਸਾ ਮਿਲਿਆ ਕਿ ਮਸਲਾ ਜਲਦੀ ਹੱਲ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਅੰਦੋਲਨਕਾਰੀ ਕਿਸਾਨਾਂ ਨਾਲ ਵਿਚਾਰ-ਵਟਾਂਦਰੇ ਲਈ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਨੁਮਾਇੰਦਿਆਂ ਦੀ ਤਾਲਮੇਲ ਕਮੇਟੀ ਕਾਇਮ ਕਰਨ ਦੀ ਸੰਭਾਵਨਾ ਹੈ।


Share