‘ਰੈਫਰੈਂਡਮ 2020’ ਦੇ ਨਤੀਜਿਆਂ ਨੂੰ ਕੈਨੇਡਾ ਵੱਲੋਂ ਮਾਨਤਾ ਨਾ ਦੇਣ ਦੇ ਫੈਸਲੇ ਦਾ ਕੈਪਟਨ ਅਮਰਿੰਦਰ ਵੱਲੋਂ ਸਵਾਗਤ

419
Share

ਚੰਡੀਗੜ੍ਹ, 25 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨ ਪੱਖੀ ਸਮੂਹ, ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਵੱਲੋਂ ਕਰਵਾਏ ਜਾ ਰਹੇ ‘ਰੈਫਰੈਂਡਮ 2020’ ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਦੇ ਕੈਨੇਡਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਜੇ ਮੁਲਕ ਵੀ ਕੈਨੇਡਾ ਦੀ ਮਿਸਾਲ ਉੱਤੇ ਚੱਲਣਗੇ ਅਤੇ ‘ਰੈਫਰੈਂਡਮ 2020’ ਨੂੰ ਰੱਦ ਕਰਨਗੇ, ਜਿਸਨੂੰ ਐੱਸ.ਐੱਫ.ਜੇ. ਭਾਰਤ ਨੂੰ ਫਿਰਕੂ ਲੀਹਾਂ ‘ਚ ਵੰਡਣ ਲਈ ਉਤਸ਼ਾਹਤ ਕਰ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਰਿਪੋਰਟਾਂ ਦਾ ਜਵਾਬ ਦਿੰਦਿਆਂ ਕੈਨੇਡਾ ਦੇ ਵਿਦੇਸ਼ ਮੰਤਰੀ ਦੇ ਇੱਕ ਬੁਲਾਰੇ ਦਾ ਹਵਾਲਾ ਦਿੱਤਾ, ਜਿਸ ਨੇ ਕਿਹਾ ਸੀ ਕਿ ਕੈਨੇਡਾ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਖੇਤਰੀ ਅਖੰਡਤਾ ਦਾ ਸਤਿਕਾਰ ਕਰਦਾ ਹੈ, ਅਤੇ ਕੈਨੇਡਾ ਦੀ ਸਰਕਾਰ ਰੈਫਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਵੱਲੋਂ ਇਸ ਮੁੱਦੇ ‘ਤੇ ਲਿਆ ਗਿਆ ਸਖ਼ਤ ਸਟੈਂਡ ਮਿਸਾਲੀ ਹੈ। ਉਨ੍ਹਾਂ ਉਮੀਦ ਜਤਾਈ ਕਿ ਹੋਰ ਮੁਲਕ ਅਤੇ ਸਰਕਾਰਾਂ ਵੀ ਅੱਗੇ ਆਉਣਗੀਆਂ ਤੇ ਐੱਸ.ਐੱਫ.ਜੇ. ਦਾ ਵਿਰੋਧ ਕਰਨਗੀਆਂ। ਭਾਰਤ ਨੇ ਐੱਸ.ਐੱਫ.ਜੇ. ‘ਤੇ ਅੱਤਵਾਦੀ ਸੰਗਠਨ ਵਜੋਂ ਪਾਬੰਦੀ ਲਗਾਈ ਹੈ।
ਐੱਸ.ਐੱਫ.ਜੇ. ਦੇ ਸੰਸਥਾਪਕ, ਗੁਰਪਤਵੰਤ ਸਿੰਘ ਪੰਨੂੰ ਨੂੰ ਭਾਰਤ ਦੀ ਧਰਤੀ ‘ਤੇ ਪਾਕਿਸਤਾਨ ਦੇ ਸਮਰਥਨ ਵਾਲੀਆਂ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਉਤਸ਼ਾਹਤ ਕਰਨ ਲਈ ਅੱਤਵਾਦੀ ਐਲਾਨਿਆ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਖਵਾਦੀ ਐੱਸ.ਐੱਫ.ਜੇ. ਸੰਗਠਨ ਦਾ ਵਿਰੋਧ ਕਰਨ ਵਿਚ ਅਸਫਲ ਹੋਣਾ ਕਿਸੇ ਵੀ ਦੇਸ਼ ਲਈ ਖ਼ਤਰਨਾਕ ਮਿਸਾਲ ਕਾਇਮ ਕਰ ਸਕਦਾ ਹੈ।


Share