ਵਿਜੀਲੈਂਸ ਨੇ ਏ.ਐਸ.ਆਈ. ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ

199
Share

ਚੰਡੀਗੜ, 18 ਸਤੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ, ਅੰਮਿ੍ਰਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਏਐਸਆਈ ਫਰਜੰਦ ਲਾਲ ਨੂੰ ਅੰਮਿ੍ਰਤਸਰ ਜਿਲੇ ਦੇ ਪਿੰਡ ਡੱਲਾ ਰਾਜਪੂਤਾਂ ਦੇ ਪ੍ਰਗਟ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਹੈ ਕਿ ਉਸ ਨੇ ਸਥਾਨਕ ਅਦਾਲਤ ਵਿੱਚ ਚੱਲ ਰਹੇ ਇੱਕ ਕੇਸ ਦੇ ਸਬੰਧ ਵਿੱਚ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਾਉਣ ਲਈ ਅਰਜ਼ੀ ਦਿੱਤੀ ਹੈ ਅਤੇ ਏਐਸਆਈ ਉਕਤ ਅਰਜ਼ੀ ਸਬੰਧੀ ਪੁਲਿਸ ਰਿਪੋਰਟ ਅੱਗੇ ਭੇਜਣ ਬਦਲੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਪਰ ਸੌਦਾ ਰੁਪਏ 5000 ਰੁਪਏ ਵਿੱਚ ਤੈਅ ਹੋਇਆ ਹੈ।
ਸ਼ਿਕਾਇਤਕਰਤਾ ਦੀ ਜਾਣਕਾਰੀ ਦੀ ਤਸਦੀਕ ਕਰਨ  ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਹਰਕਤ ਵਿੱਚ ਆਈ ਅਤੇ ਮੁਲਜਮ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਉੱਤੇ ਹੀ ਗਿ੍ਰਫਤਾਰ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਉਕਤ ਮੁਲਜਮ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮਿ੍ਰਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Share