ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ 18 ਅਕਤੂਬਰ ਤੱਕ ਕਾਰਵਾਈ ਕਰਨ ਦੀ ਚਿਤਾਵਨੀ

90
Share

-ਮਾਮਲੇ ਦੀ ਮੁਕੰਮਲ ਜਾਂਚ ਰਿਪੋਰਟ ਵੀ ਜਨਤਕ ਕਰਨ ਦੀ ਕੀਤੀ ਮੰਗ
– ਰਿਪੋਰਟ ਜਨਤਕ ਨਾ ਕਰਨ ‘ਤੇ ਕਾਨੂੰਨੀ ਕਾਰਵਾਈ ਲਈ ਹੋਣਗੇ ਮਜਬੂਰ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਨੇ ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਮੁਕੰਮਲ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ। ਇੰਨਾ ਹੀ ਨਹੀਂ, ਉਕਤ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ 18 ਅਕਤੂਬਰ ਤੱਕ ਇਸ ਮਾਮਲੇ ‘ਚ ਕਾਰਵਾਈ ਨਾ ਹੋਈ, ਤਾਂ ਇਹ ਮੈਂਬਰ ਸ਼੍ਰੋਮਣੀ ਕਮੇਟੀ ਐਕਟ ਮੁਤਾਬਕ ਕਾਰਵਾਈ ਕਰਨਗੇ।
ਇਸ ਪੱਤਰ ‘ਤੇ ਸੇਵਾ ਸਿੰਘ ਸੇਖਵਾਂ, ਜਸਵੰਤ ਸਿੰਘ, ਬਾਬਾ ਗੁਰਮੀਤ ਸਿੰਘ, ਜੈਪਾਲ ਸਿੰਘ, ਮਹਿੰਦਰ ਸਿੰਘ ਹੁਸੈਨਪੁਰ, ਮਿੱਠੂ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ ਸ਼ਾਹਪੁਰ ਤੇ ਹੋਰਨਾਂ ਦੇ ਦਸਤਖ਼ਤ ਹਨ। ਇਨ੍ਹਾਂ ਮੈਂਬਰਾਂ ਨੇ ਅਲਟੀਮੇਟਮ ਦਿੱਤਾ ਕਿ ਰਿਪੋਰਟ ਜਨਤਕ ਨਾ ਕਰਨ ‘ਤੇ ਉਹ ਕਾਨੂੰਨੀ ਕਾਰਵਾਈ ਲਈ ਮਜਬੂਰ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਮਈ 2016 ‘ਚ ਅੱਗ ਲੱਗਣ ਅਤੇ ਪਾਣੀ ਦੀਆਂ ਵਾਛੜਾਂ ਨਾਲ ਪਾਵਨ ਸਰੂਪਾਂ ਦੇ ਹੋਏ ਨੁਕਸਾਨ ਬਾਰੇ ਸੰਗਤ ਨੂੰ ਗਲਤ ਜਾਣਕਾਰੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਲਾਪਤਾ ਸਰੂਪਾਂ ਦੇ ਮਾਮਲੇ ‘ਚ ਵੀ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਸਗੋਂ ਪੁਲਿਸ ਕਾਰਵਾਈ ਕਰਨ ਦੇ ਫ਼ੈਸਲੇ ਤੋਂ ਵੀ ਟਾਲਾ ਵੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਰੂਪ ਗਾਇਬ ਨਹੀਂ ਹੋਏ, ਸਗੋਂ ਸੰਗਤ ਕੋਲ ਹੀ ਹਨ। ਇਸ ਸਬੰਧੀ ਜਥੇਬੰਦੀਆਂ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੀਆਂ ਹਨ ਪਰ ਹੁਣ ਤੱਕ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫਤਰ ਬਾਹਰ ਧਰਨੇ ‘ਤੇ ਬੈਠੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦਾ ਧਰਨਾ 20ਵੇਂ ਦਿਨ ਵੀ ਜਾਰੀ ਰਿਹਾ।


Share