ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਐਲਾਨ

232
Share

-ਪਾਰਟੀ ਦਾ ਨਾਂ ਰੱਖਿਆ ‘ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟ)’
-ਬਾਗ਼ੀ ਅਕਾਲੀਆਂ ਨੇ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ
– ਸੁਖਬੀਰ ਬਾਦਲ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਰਵਾਈ ਗੈਰਕਾਨੂੰਨੀ ਤੇ ਧੋਖਾਧੜੀ ਕਰਾਰ
ਲੁਧਿਆਣਾ, 8 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਦੇਵ ਢੀਂਡਸਾ ਵਲੋਂ ਨਵੀਂ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟ) ਰੱਖਿਆ ਗਿਆ ਹੈ। ਲੁਧਿਆਣਾ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ। ਬਾਗ਼ੀ ਅਕਾਲੀ ਨੇਤਾਵਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ।
ਉਧਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ‘ਗੈਰਕਾਨੂੰਨੀ ਅਤੇ ਧੋਖਾਧੜੀ’ ਕਰਾਰ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤ ਪਰਮਿੰਦਰ ਸਿੰਘ ਢੀਂਡਸਾ ਨੂੰ ਇਸ ਸਾਲ ਫਰਵਰੀ ਵਿਚ ‘ਪਾਰਟੀ ਵਿਰੋਧੀ’ ਗਤੀਵਿਧੀਆਂ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਤੋਂ ਕੱਢ ਦਿੱਤਾ ਗਿਆ ਸੀ। ਬਾਅਦ ਵਿਚ ਇਨ੍ਹਾਂ ਨੇ ਦਲ ਤੋਂ ਵੱਖ ਹੋਏ ਕਈ ਨੇਤਾਵਾਂ ਨਾਲ ਹੱਥ ਮਿਲਾ ਲਿਆ। ਪ੍ਰਧਾਨਗੀ ਲਈ ਸ਼੍ਰੀ ਢੀਂਡਸਾ ਦੇ ਨਾਮ ਨੂੰ ਪੇਸ਼ ਕਰਦਿਆਂ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸੰਗਰੂਰ ਕਾਨਫ਼ਰੰਸ ਵਿਚ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ‘ਹਟਾ’ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟ) ਦੇ ਨਵੇਂ ਚੁਣੇ ਗਏ ਪ੍ਰਧਾਨ ਢੀਂਡਸਾ ਅੰਮ੍ਰਿਤਸਰ ਵਿਖੇ ਪਾਰਟੀ ਦਫ਼ਤਰ ਤੋਂ ਕੰਮ ਕਰਨਗੇ। ਜਗਦੀਸ਼ ਸਿੰਘ ਗਰਚਾ ਅਤੇ ਹਰਜੀਤ ਕੌਰ ਤਲਵੰਡੀ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ। ਹਰਜੀਤ ਕੌਰ ਪਾਰਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਗਦੇਵ ਸਿੰਘ ਤਲਵੰਡੀ ਦੀ ਧੀ ਹੈ। ‘ਜੋ ਬੋਲੇ, ਸੋ ਨਿਹਾਲ’ ਦੇ ਜੈਕਾਰਿਆਂ ਦੌਰਾਨ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟ) ਦਾ ਪ੍ਰਧਾਨ ਐਲਾਨ ਦਿੱਤਾ ਗਿਆ। ਇਸ ਮੌਕੇ ਸ਼੍ਰੀ ਢੀਂਡਸਾ ਨੇ ਕਿਹਾ ਕਿ ਪਾਰਟੀ ਸਿੱਖ ਰਾਜਨੀਤੀ ਦੇ ਧੁੰਦਲੇ ਹੋ ਚੁੱਕੇ ਸਿਧਾਂਤਾਂ ਨੂੰ ਮੁੜ ਸਥਾਪਤ ਕਰਨ ਅਤੇ ਸਿੱਖ ਸੰਸਥਾਵਾਂ ਨੂੰ ‘ਬਾਦਲ’ ਦੇ ਪੰਜੇ ‘ਚੋਂ ਛੁਡਾਉਣ ਲਈ ਕੋਸ਼ਿਸ਼ ਕਰੇਗੀ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਕਦਮ ਨੂੰ ‘ਗੈਰਕਾਨੂੰਨੀ ਅਤੇ ਧੋਖਾਧੜੀ’ ਕਰਾਰ ਦਿੱਤਾ ਅਤੇ ਬਰਖਾਸਤ ਕੀਤੇ ਗਏ ਨੇਤਾ ‘ਤੇ ਕਾਂਗਰਸ ਲਈ ਕੰਮ ਕਰਨ ਦਾ ਦੋਸ਼ ਲਾਇਆ।


Share